ਸਰਕਾਰ ਨੇ ਬਜਟ ਦੌਰਾਨ ਪੱਤਰਕਾਰਾਂ ਨੂੰ ਕੀਤਾ ਅਣਗੌਲਿਆ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ
Publish Date: Wed, 11 Mar 2026 07:44 PM (IST)
Updated Date: Thu, 12 Mar 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਚ ਪੱਤਰਕਾਰਾਂ ਨੂੰ ਅਣਗੋਲਿਆ ਕੀਤਾ ਗਿਆ ਹੈ। ਇਸ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਨਿਖੇਧੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਨਰਲ ਜਗਤਾਰ ਸਿੰਘ ਧੰਜਲ, ਸੂਬਾ ਕਮੇਟੀ ਮੈਂਬਰ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸੂਬੇ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਗੌਲ਼ਿਆ ਕਰਨ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਲਾਂ ਵਾਂਗ ਆਪਣੀ ਸਰਕਾਰ ਦੇ ਆਖ਼ਰੀ ਬਜਟ ਵਿੱਚ ਵੀ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮੀਡੀਆ ਦੇ ਸਹਾਰੇ ‘ਆਪ’ ਦੀ ਸਰਕਾਰ ਬਣੀ ਸੀ। ਸਰਕਾਰ ਹੁਣ ਉਸ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ। ਆਗੂਆਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਰਕਾਰ ਦੇ ਪੱਤਰਕਾਰ ਵਿਰੋਧੀ ਰਵੱਈਏ ਖ਼ਿਲਾਫ਼ ਸੂਬੇ ਵਿੱਚ ਹਰ ਪੱਧਰ ਤੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਦੇ ਨੁਮਾਇੰਦਿਆਂ, ਮੰਤਰੀਆਂ ਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਬਜਟ ਪੇਸ਼ ਕਰਨ ਸਮੇਂ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਨੂੰ ਪੈਨਸ਼ਨ, ਹਰਿਆਣਾ ਪੈਟਰਨ ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਅਧੀਨ ਲਿਆਉਣ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50 ਫੀਸਦ ਕਰਨ, ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ੀ ਮਕਾਨ-ਫਲੈਟ ਬਣਾਉਣ ਲਈ ਸਸਤੀਆਂ ਦਰਾਂ ਉਪਰ ਪਲਾਟ ਦੇਣ, ਪ੍ਰਿੰਟ ਅਤੇ ਇਲੈਕਟ੍ਰਾਨਿਕਸ ਮੀਡੀਆ ਦੇ ਨਿਊਜ਼ ਟੇਬਲਾਂ ਉਪਰ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ, ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿੱਚ ਬਜਟ ਵਿੱਚ ਜ਼ਿਕਰ ਤੱਕ ਨਾ ਕਰਨਾ ਸਰਕਾਰ ਦੇ ਮੀਡੀਆ ਪ੍ਰਤੀ ਰਵਈਏ ਨੂੰ ਨੰਗਾ ਕਰ ਕੇ ਰੱਖ ਦਿੱਤਾ ਹੈ।