ਜ਼ਿਲ੍ਹਾ 'ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਰਾਜੇਸ਼ ਧੀਮਾਨ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ,
ਬਠਿੰਡਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਤਹਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ.) ਹੇਠ ਜ਼ਿਲ੍ਹਾ ਬਠਿੰਡਾ ਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ (ਬੂਥ ਲੈਵਲ ਅਫਸਰ) ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਉਨ੍ਹਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਬਠਿੰਡਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਕਾਰਜ ਲਈ ਜ਼ਿਲ੍ਹੇ ਅੰਦਰ 1192 ਬੀਐਲਓਜ਼, 130 ਸੁਪਰਵਾਈਜ਼ਰ, 6 ਈਆਰਓਜ਼ ਅਤੇ 6 ਏਈਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਹਰੇਕ ਬੀਐਲਓ ਨੂੰ 1200 ਵੋਟਰ ਐਸਆਈਆਰ. ਲਈ ਦਿੱਤੇ ਗਏ ਹਨ। ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਐਸਆਈਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। । ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸਆਈਆਰ. ਅਧੀਨ ਫਾਰਮ ਭਰਨਾ ਪਵੇਗਾ ਤਾਂ ਜੋ ਉਨ੍ਹਾਂ ਦੇ ਸਹੀ ਵੇਰਵੇ ਚੋਣ ਲਿਸਟਾਂ ’ਚ ਸ਼ਾਮਲ ਕੀਤੇ ਜਾਣ। ਭਾਰਤ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਬੰਧ ਹੈ। ਇਸ ਸਬੰਧੀ ਬੀਐਲਓਜ਼ ਵੱਲੋਂ ਘਰਾਂ ਵਿੱਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਨਾਗਰਿਕਤਾ (ਸਿਟੀਜ਼ਨਸ਼ਿਪ) ਅਤੇ ਰਿਹਾਇਸ਼ ਦੇ ਸਬੂਤ ਵਜੋਂ। ਅਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸਆਈਆਰ. ਸਬੰਧੀ ਬੀਐੱਲਓਜ਼ ਨੂੰ ਸਿਖਲਾਈ ਦੇਣ ਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤਕ ਕੀਤਾ ਜਾਵੇਗਾ। ਨਵੀਂ ਵੋਟ ਬਣਾਉਣ ਤੇ ਕੱਟਣ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾ ਰਿਹਾ ਹੈ। 25 ਜੂਨ ਤੋਂ 24 ਜੁਲਾਈ 2026 ਤੱਕ ਇਸ ਸਬੰਧੀ ਬੀਐਲਓਜ ਵੱਲੋਂ ਘਰੋਂ-ਘਰੀ ਜਾ ਕੇ ਫਾਰਮ ਦਿੱਤੇ ਜਾਣਗੇ। 24 ਜੁਲਾਈ 2026 ਤਕ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦੀ ਫੈਸ਼ਨੇਲਾਈਜੇਸ਼ਨ ਕੀਤੀ ਜਾਵੇਗੀ ਜਿਸ ਅਨੁਸਾਰ ਹਰੇਕ ਬੂਥ ਵਿੱਚ 1200 ਦੇ ਲਗਭਗ ਵੋਟਰ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੀ ਐਸਆਈਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ ਸਾਰੇ 6 ਹਲਕਿਆਂ ਚ ਵਿੱਚ 549638 ਪੁਰਸ਼ ਵੋਟਰ, 502945 ਮਹਿਲਾ ਵੋਟਰ, ਥਰਡ ਜੈਂਡਰ 29 ਵੋਟਰ ਅਤੇ ਕੁੱਲ 1052612 ਵੋਟਰਜ਼ ਹਨ, ਜਿਨ੍ਹਾਂ ਵਿੱਚੋਂ 914226 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 86.85 ਫੀਸਦੀ ਬਣਦੀ ਹੈ। ਐੱਸਆਈਆਰ ਬਾਰੇ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ 2026 ਤੋਂ 30 ਅਗਸਤ 2026 ਤਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ 2026 ਤੋਂ 28 ਸਤੰਬਰ 2026 ਤਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਵੀ ਹਾਜ਼ਰ ਸਨ ।