53 ਪਿੰਡਾਂ ਦੇ 96 ਗੁਰੂਘਰਾਂ ਵਿੱਚ ਗੁਰਮਤਿ ਸਿਖਲਾਈ ਕੈਂਪਾਂ ਦੀਆਂ ਤਿਆਰੀਆਂ ਆਰੰਭ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਵੱਲੋਂ ਪਿਛਲੇ 10 ਸਾਲਾਂ ਦੀ ਨਿਰੰਤਰ ਪਰੰਪਰਾ ਨੂੰ ਕਾਇਮ ਰੱਖਦਿਆਂ ਇਸ ਸਾਲ ਵੀ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਵੱਡੇ ਪੱਧਰ 'ਤੇ ਲਗਾਏ ਜਾ ਰਹੇ ਹਨ। ਇਹ ਕੈਂਪ ਹਲਕਾ ਜੋਗਾ ਦੇ 53 ਪਿੰਡਾਂ ਵਿੱਚ ਸਥਿਤ 96 ਗੁਰੂਘਰਾਂ ਅੰਦਰ ਲਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਸਫਲਤਾ ਅਤੇ ਬੱਚਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਸ੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਕੈਂਪਾਂ ਵਿੱਚ ਭੇਜਣ ਲਈ ਸੱਦਾ ਦੇਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਦੇ ਪਹਿਲੇ ਦਿਨ ਪਿੰਡ ਘੁੰਮਣ ਕਲਾਂ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਿੰਘ ਸਾਹਿਬ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਸਥਾਨਕ ਨਗਰ ਨਿਵਾਸੀਆਂ ਦੇ ਘਰ-ਘਰ ਜਾ ਕੇ ਆਪ ਹੱਥੀਂ ਬੱਚਿਆਂ ਅਤੇ ਮਾਪਿਆਂ ਨੂੰ ਕੈਂਪਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਹੋਕਾ ਦਿੱਤਾ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਅਜੋਕੇ ਪਦਾਰਥਵਾਦੀ ਤੇ ਪੱਛਮੀ ਪ੍ਰਭਾਵ ਵਾਲੇ ਦੌਰ ਵਿੱਚ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ, ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਬੇਹੱਦ ਲਾਜ਼ਮੀ ਹੈ। ਹਲਕਾ ਜੋਗਾ ਵੱਲੋਂ ਪਿਛਲੇ ਇਕ ਦਹਾਕੇ ਤੋਂ ਚਲਾਈ ਜਾ ਰਹੀ ਇਹ ਲਹਿਰ ਸ਼ਲਾਘਾਯੋਗ ਹੈ। ਸਿੰਘ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਜਿੱਥੇ ਗੁਰਮਤਿ ਦੀ ਮਹੱਤਤਾ ’ਤੇ ਚਾਨਣਾ ਪਾਇਆ, ਉੱਥੇ ਹੀ ਅਜੋਕੇ ਸਮੇਂ ਅੰਦਰ ਸਰਕਾਰਾਂ ਵੱਲੋਂ 'ਦ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਰਾਹੀਂ ਗੁਰਦੁਆਰਾ ਪ੍ਰਬੰਧਾਂ ਵਿੱਚ ਦਿੱਤੇ ਜਾ ਰਹੇ ਬੇਲੋੜੇ ਦਖ਼ਲ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਚੱਲ ਰਹੀਆਂ ਚਾਲਾਂ ਤੋਂ ਵੀ ਸੰਗਤ ਨੂੰ ਸੁਚੇਤ ਤੇ ਜਾਣੂ ਕਰਵਾਇਆ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕੈਂਪਾਂ ਦੇ ਮੁੱਖ ਮਕਸਦ ਬਾਰੇ ਵਿਸਥਾਰ ਨਾਲ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੇ ਪਤਿਤਪੁਣੇ ਦੇ ਗੰਭੀਰ ਸੰਕਟ ਤੋਂ ਬਚਾ ਕੇ ਗੁਰਮਤਿ ਰਹਿਣੀ-ਬਹਿਣੀ, ਨਿਤਨੇਮ, ਕੰਠ ਬਾਣੀ ਅਤੇ ਸਿੱਖ ਸੱਭਿਆਚਾਰ ਦੇ ਧਾਰਨੀ ਬਣਾਉਣਾ ਹੈ। ਹਲਕੇ ਦੇ ਸਾਰੇ 53 ਪਿੰਡਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਇਸ ਸਿਖਲਾਈ ਤੋਂ ਵਾਂਝਾ ਨਾ ਰਹੇ। ਅੱਜ ਦੀ ਇਸ ਘਰ-ਘਰ ਸੱਦਾ ਮੁਹਿੰਮ ਦੌਰਾਨ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਮਨਦੀਪ ਸਿੰਘ ਮੀਤ ਮੈਨੇਜਰ, ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ, ਰਵਿੰਦਰਜੀਤ ਸਿੰਘ ਪ੍ਰਿੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ, ਪਿੰਡ ਦੀ ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸ੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਕੈਂਪਾਂ ’ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਜਿਤਾਇਆ।