ਬਠਿੰਡਾ ਪੁਲਿਸ ਦੀ ਪਹਿਲ: ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਕੀਤਾ ਜਾਗਰੂਕ

-ਪੁਲਿਸ ਟੀਮਾਂ ਹਰ ਰੋਜ਼ ਖੇਤਾਂ ’ਚ ਜਾ ਕੇ ਕਿਸਾਨਾਂ ਨਾਲ ਕਰ ਰਹੀਆਂ ਨੇ ਗੱਲਬਾਤ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬੱਚੀ ਖੁਚੀ ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਮੁੜ ਸਾਹਮਣੇ ਆਉਣ ਲੱਗੇ ਹਨ। ਕਿਸਾਨਾਂ ਵੱਲੋਂ ਖੇਤ ਸਾਫ਼ ਕਰਨ ਲਈ ਲਗਾਈਆਂ ਜਾ ਰਹੀਆਂ ਅੱਗਾਂ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਸਰਕਾਰੀ ਜ਼ਮੀਨਾਂ, ਨਹਿਰਾਂ ਕੰਢੇ ਤੇ ਛੋਟੇ ਰੁੱਖਾਂ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਵਾਤਾਵਰਨ ਪ੍ਰਦੂਸ਼ਿਤ ਹੋਣ ਕਾਰਨ ਲੋਕਾਂ ਨੂੰ ਬਿਮਾਰੀਆਂ ਨੇ ਘੇਰ ਲਿਆ ਹੈ। ਦੂਜੇ ਪਾਸੇ ਵਾਤਾਵਰਨ ਦੀ ਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਬਠਿੰਡਾ ਪੁਲਿਸ ਨੇ ਪਰਾਲੀ ਸਾੜਨ ਦੇ ਖ਼ਿਲਾਫ਼ ਇਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਪੁਲਿਸ ਦੀਆਂ ਟੀਮਾਂ ਹੁਣ ਪਿੰਡਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੀ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕਰ ਰਹੀਆਂ ਹਨ। ਪੁਲਿਸ ਦੇ ਜੀਓਐੱਸ ਤੇ ਐੱਸਐੱਚਓ ਟੀਮਾਂ ਵੱਲੋਂ ਸਥਾਨਕ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ਦੌਰਾਨ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਹਵਾ ’ਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਜਿਸ ਨਾਲ ਵਾਤਾਵਰਨ ਪ੍ਰਦੂਸ਼ਣ ਗੰਭੀਰ ਪੱਧਰ ਤਕ ਵੱਧ ਜਾਂਦਾ ਹੈ। ਇਹ ਪ੍ਰਦੂਸ਼ਣ ਨਾ ਸਿਰਫ਼ ਨੇੜਲੇ ਇਲਾਕਿਆਂ ਨੂੰ, ਸਗੋਂ ਦੂਰ-ਦੁਰਾਡੇ ਦੇ ਸ਼ਹਿਰਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਪੁਲਿਸ ਟੀਮਾਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ। ਮਿੱਟੀ ਵਿੱਚ ਮੌਜੂਦ ਜ਼ਰੂਰੀ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਆਉਣ ਵਾਲੀਆਂ ਫਸਲਾਂ ਦੀ ਪੈਦਾਵਾਰ ਪ੍ਰਭਾਵਿਤ ਹੁੰਦੀ ਹੈ। ਨਾਲ ਹੀ ਇਹ ਪ੍ਰਕਿਰਿਆ ਖੇਤਾਂ ’ਚ ਮੌਜੂਦ ਸੁੱਖਮ ਜੀਵਾਂ ਅਤੇ ਲਾਭਕਾਰੀ ਕੀੜਿਆਂ ਨੂੰ ਵੀ ਨਸ਼ਟ ਕਰ ਦਿੰਦੀ ਹੈ।
ਸਿਹਤ ਦੇ ਪੱਖੋਂ ਵੀ ਪਰਾਲੀ ਸਾੜਨਾ ਬਹੁਤ ਖਤਰਨਾਕ ਹੈ। ਹੁਣ ਕੁੱਝ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਚਮੜੀ, ਅੱਖਾਂ ਦੀ ਜਲਨ, ਖੰਘ ਅਤੇ ਜੁਕਾਮ ਜਿਹੀਆਂ ਬਿਮਾਰਆਂ ਨੇ ਘੇਰ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਨਾਲ ਨਿਕਲਣ ਵਾਲਾ ਧੂੰਆਂ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਵਧਾਉਂਦਾ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ’ਤੇ ਇਸਦਾ ਅਸਰ ਹੋਰ ਵੀ ਗੰਭੀਰ ਹੁੰਦਾ ਹੈ। ਜਾਗਰੂਕਤਾ ਮੁਹਿੰਮ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਕਿ ਹੈਪੀ ਸੀਡਰ ਅਤੇ ਸੁਪਰ ਸਟ੍ਰਾ ਮੈਨੇਜਮੈਂਟ ਸਿਸਟਮ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਮਿੱਟੀ ਦੀ ਉਰਵਰਤਾ ਵਧਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਪਸ਼ੂਆਂ ਦੇ ਚਾਰੇ, ਖਾਦ ਜਾਂ ਬਾਇਓ-ਐਨਰਜੀ ਵਜੋਂ ਵੀ ਵਰਤਿਆ ਜਾ ਸਕਦਾ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨਾ ਕਾਨੂੰਨੀ ਤੌਰ ‘ਤੇ ਗਲਤ ਹੈ ਤੇ ਇਸ ਲਈ ਸਖ਼ਤ ਕਾਰਵਾਈ ਦਾ ਪ੍ਰਬੰਧ ਹੈ। ਹਾਲਾਂਕਿ ਉਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਜਾਗਰੂਕ ਕਰਕੇ ਵਾਤਾਵਰਨ ਸੁਰੱਖਿਆ ’ਚ ਸਾਂਝੀਦਾਰ ਬਣਾਉਣਾ ਹੈ। ਬਠਿੰਡਾ ਪੁਲਿਸ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਰਾਲੀ ਨਾ ਸਾੜਨ ਅਤੇ ਪਰਿਆਵਰਣ-ਮਿਤਰ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਦੀ ਸੁਰੱਖਿਆ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।