ਕੁੱਟਮਾਰ ਦੇ ਦੋ ਮਾਮਲਿਆਂ ’ਚ ਨੌ ਜਣਿਆਂ ਖ਼ਿਲਾਫ਼ ਕੇਸ
ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਨੌ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Mon, 18 May 2026 04:30 PM (IST)
Updated Date: Tue, 19 May 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਤੇ ਧੱਕੇਸ਼ਾਹੀ ਦੇ ਦੋ ਮਾਮਲਿਆਂ ’ਚ ਕੁੱਲ ਨੌ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵੇਂ ਮਾਮਲਿਆਂ ’ਚ ਪੁਲਿਸ ਵੱਲੋਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪਹਿਲੇ ਮਾਮਲੇ ’ਚ ਥਾਣਾ ਕੈਂਟ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਸਵੀਰ ਸਿੰਘ ਵਾਸੀ ਭੁੱਚੋ ਖੁਰਦ ਨੇ ਦੱਸਿਆ ਕਿ ਜਗਦੀਸ਼ ਸਿੰਘ ਬਰਾੜ, ਜਸਪਿੰਦਰ ਸਿੰਘ, ਦਿਲਪ੍ਰੀਤ ਸਿੰਘ ਵਾਸੀ ਭੁੱਚੋ ਖੁਰਦ ਤੇ ਜਗਦੀਸ਼ ਸਿੰਘ ਦੇ ਸਾਲੇ ਸਮੇਤ ਕੁਝ ਅਣਪਛਾਤੇ ਵਿਅਕਤੀ ਗਾਲੀ-ਗਲੌਚ ਕਰਦੇ ਹੋਏ ਜ਼ਬਰਦਸਤੀ ਉਸ ਦੇ ਘਰ ਵਿੱਚ ਦਾਖ਼ਲ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਘਰ ’ਚ ਦਾਖ਼ਲ ਹੋਣ ਤੋਂ ਬਾਅਦ ਭੰਨ-ਤੋੜ ਕੀਤੀ ਤੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਵੀ ਦਿੱਤੀਆਂ। ਪੀੜਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੇ ਜਗਦੀਸ਼ ਸਿੰਘ ਤੋਂ ਆਪਣੀ ਦੁਕਾਨ ਖਾਲੀ ਕਰਵਾਈ ਸੀ, ਜਿਸ ਦੀ ਰੰਜਿਸ਼ ਕਾਰਨ ਉਸ ਉੱਪਰ ਹਮਲਾ ਕੀਤਾ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਜਾਣ-ਬੁੱਝ ਕੇ ਉਸ ਨੂੰ ਡਰਾਉਣ ਤੇ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਘਰ ’ਚ ਦਾਖ਼ਲ ਹੋਏ ਸਨ। ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਲਛਮਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ’ਚ ਥਾਣਾ ਸਿਟੀ ਰਾਮਪੁਰਾ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਹਰਵਿੰਦਰ ਸਿੰਘ ਵਾਸੀ ਪਿੰਡ ਮਹਿਰਾਜ ਪੱਤੀ ਕਰਮਚੰਦ ਨੇ ਦੱਸਿਆ ਕਿ ਮਨਦੀਪ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਸੁਖਜੀਤ ਕੌਰ ਤੇ ਜੋਤੀ ਵਾਸੀ ਮਹਿਰਾਜ ਪੱਤੀ ਕਰਮਚੰਦ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਤੇ ਰਾਡਾਂ ਨਾਲ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ’ਤੇ ਕਿਰਪਾਨਾਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਾਰੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।