ਕੁੱਟਮਾਰ ਦੇ ਦੋਸ਼ ਹੇਠ ਦੋ ਔਰਤਾਂ ਸਣੇ 11 ’ਤੇ ਕੇਸ
ਕੁੱਟਮਾਰ ਦੇ ਦੋਸ਼ ਹੇਠ ਦੋ ਔਰਤਾਂ ਸਮੇਤ 11 ਖ਼ਿਲਾਫ਼ ਕੇਸ ਦਰਜ
Publish Date: Sat, 09 May 2026 05:04 PM (IST)
Updated Date: Sun, 10 May 2026 04:04 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਟਮਾਰ ਕਰਨ ਦੇ ਦੋ ਵੱਖ-ਵੱਖ ਮਾਮਲੇ ਦਰਜ ਕਰਦਿਆਂ ਦੋ ਔਰਤਾਂ ਸਮੇਤ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਝਗੜਿਆਂ ਪਿੱਛੇ ਮੁੱਖ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਨੇ ਪੀੜਤਾਂ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਹਿਲਾ ਮਾਮਲਾ ਥਾਣਾ ਸਿਟੀ ਰਾਮਪੁਰਾ ਦੇ ਅਧੀਨ ਆਉਂਦੇ ਪਿੰਡ ਲਹਿਰਾ ਧੂਰਕੋਟ ਤੋਂ ਸਾਹਮਣੇ ਆਇਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਹਾਕਮ ਸਿੰਘ ਵਾਸੀ ਲਹਿਰਾ ਮੁਹੱਬਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੰਘੀ 4 ਮਈ ਨੂੰ ਜਦੋਂ ਉਹ ਲਹਿਰਾ ਧੂਰਕੋਟ ਇਲਾਕੇ ਵਿੱਚ ਮੌਜੂਦ ਸੀ, ਤਾਂ ਪੁਰਾਣੀ ਰੰਜਿਸ਼ ਕਾਰਨ ਕੁਝ ਵਿਅਕਤੀਆਂ ਨੇ ਉਸ ਤੇ ਘਾਤ ਲਗਾ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਿਰਪਾਨਾਂ, ਲੋਹੇ ਦੀਆਂ ਰਾਡਾਂ ਅਤੇ ਸੋਟੀਆਂ ਦੀ ਵਰਤੋਂ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰੀਆਂ। ਪੁਲਿਸ ਨੇ ਇਸ ਸਬੰਧੀ ਪਾਰਸ ਸਿੰਘ, ਧਰਮਪਾਲ ਸਿੰਘ, ਅਜਮੇਰ ਸਿੰਘ, ਸਮਸ਼ੇਰ ਸਿੰਘ, ਬਲਜੀਤ ਸਿੰਘ, ਗੁਰਜੀਤ ਕੌਰ ਅਤੇ ਗੱਲੂ ਦੀ ਪਤਨੀਵਾਸੀਆਨ ਲਹਿਰਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਦੂਜੀ ਘਟਨਾ ਥਾਣਾ ਤਲਵੰਡੀ ਸਾਬੋ ਦੀ ਹੈ, ਜਿੱਥੇ ਪੁਰਾਣੀ ਰੰਜਿਸ਼ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਅਨੁਸਾਰ ਲਖਬੀਰ ਸਿੰਘ ਵਾਸੀ ਤਲਵੰਡੀ ਸਾਬੋ ਨੇ ਬਿਆਨ ਦਿੱਤਾ ਹੈ ਕਿ ਲੰਘੀ 5 ਮਈ ਨੂੰ ਉਸ ਤੇ ਜਾਨਲੇਵਾ ਹਮਲਾ ਕੀਤਾ ਗਿਆ। ਕਥਿਤ ਦੋਸ਼ੀਆਂ ਨੇ ਕਿਰਪਾਨ ਅਤੇ ਕਾਪੇ ਵਰਗੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਨਿੱਕਾ ਸਿੰਘ, ਧੰਨਾ ਸਿੰਘ, ਬੋੜੀ ਸਿੰਘ ਅਤੇ ਬਿਆਲੀ ਸਿੰਘ ਵਾਸੀਆਨ ਤਲਵੰਡੀ ਸਾਬੋ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਵੀ ਅਜੇ ਤੱਕ ਕੋਈ ਗ੍ਰਿਫ਼ਤਾਰੀ ਅਮਲ ਵਿੱਚ ਨਹੀਂ ਆਈ ਹੈ।