ਭਾਈਚਾਰਕ ਸਾਂਝ ਤੋੜਨ ਵਾਲੀਆਂ ਤਾਕਤਾਂ ਤੋਂ ਲੋਕ ਰਹਿਣ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

-ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਮਗਰੋਂ ਸ਼ੁਕਰਾਨਾ ਯਾਤਰਾ ਪੁੱਜੀ ਬਠਿੰਡਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਬਣਾਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੱਢੀ ਜਾ ਰਹੀ ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਮਾਨ ਬਠਿੰਡਾ ਪੁੱਜੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਤੇ ਆਮ ਲੋਕਾਂ ਨੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ। ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਮੁੱਖ ਮੰਤਰੀ ਦੇ ਕਾਫਲੇ ਦਾ ਸਵਾਗਤ ਕੀਤਾ ਗਿਆ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਰਾਜਨੀਤਕ ਤਾਕਤਾਂ ਲੋਕਾਂ ਨੂੰ ਧਰਮ ਅਤੇ ਫਿਰਕਿਆਂ ਦੇ ਆਧਾਰ ’ਤੇ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਵੇਂ ਉਨ੍ਹਾਂ ਕਿਸੇ ਪਾਰਟੀ ਦਾ ਸਿੱਧਾ ਨਾਂ ਨਹੀਂ ਲਿਆ, ਪਰ ਉਨ੍ਹਾਂ ਦੇ ਨਿਸ਼ਾਨੇ ਸਪੱਸ਼ਟ ਤੌਰ ’ਤੇ ਭਾਰਤੀ ਜਨਤਾ ਪਾਰਟੀ ਵੱਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ, ਜਿੱਥੇ ਸਦੀਆਂ ਤੋਂ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦੀ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਫਿਰਕਾਪ੍ਰਸਤੀ ਨੂੰ ਹਵਾ ਦੇ ਕੇ ਲੋਕਾਂ ਵਿਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਜੋ ਸਿਆਸੀ ਲਾਭ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉੱਥੇ ਹਾਲਾਤ ਖਰਾਬ ਹੋਏ ਹਨ ਅਤੇ ਲੋਕ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪੱਛਮੀ ਬੰਗਾਲ ਵਿਚ ਸਰਕਾਰ ਬਣਦਿਆਂ ਹੀ ਲੋਕਾਂ ਦੇ ਘਰਾਂ ਦੀ ਸਾੜ ਫੂਕ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਡਰਾ ਦੇ ਵੋਟਾਂ ਵਟੋਰਨਾਂ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਬਠਿੰਡਾ ਪੁੱਜੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਬਣਾਉਣ ਵਿੱਚ ਸਫਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ ਇਕ ਕਾਨੂੰਨੀ ਪ੍ਰਕਿਰਿਆ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਤੇ ਸਿੱਖ ਕੌਮ ਦੇ ਸਤਿਕਾਰ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਇਸਦੇ ਨਾਲ ਹੀ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਅਸਥਾਨਾਂ ਦੇ ਸਤਿਕਾਰ ਨੂੰ ਯਕੀਨੀ ਬਣਾਉਣਾ ਵੀ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਆਦਰ ਕਰਦੀ ਹੈ ਤੇ ਇਸੇ ਲਈ ਇਹ ਇਤਿਹਾਸਕ ਕਾਨੂੰਨ ਲਿਆਂਦਾ ਗਿਆ ਹੈ। ਸ਼ੁਕਰਾਨਾ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਧਾਰਮਿਕ ਨਾਅਰੇ ਲਗਾਏ ਗਏ ਅਤੇ ਮੁੱਖ ਮੰਤਰੀ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਲੈ ਕੇ ਕਿੱਕਲੀ ਵੀ ਸੁਣਾਈ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ, ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ, ਵਿਧਾਇਕ ਬਲਕਾਰ ਸਿੰਘ ਸਿੱਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਕੁਮਾਰ ਪੁਰੀ, ਚੇਅਰਮੈਨ ਰਾਜਨ ਅਮਰਦੀਪ ਸਿੰਘ ਸਿੰਘ ਹਾਜ਼ਰ ਸਨ। ਇਸ ਤੋਂ ਬਾਅਦ ਸ਼ੁਕਰਾਨਾ ਯਾਤਰਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜੀ, ਜਿੱਥੇ ਮੁੱਖ ਮੰਤਰੀ ਨਤਮਸਤਕ ਹੋਏ ਅਤੇ ਅਰਦਾਸ ਕੀਤੀ।