ਚੰਡੀਗੜ੍ਹ ’ਚ ਕਿਸਾਨਾਂ ’ਤੇ ਲਾਠੀਚਾਰਜ਼ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

-ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ, 21 ਮਈ ਨੂੰ ਅਗਲੇ ਸੰਘਰਸ਼ ਦਾ ਹੋਵੇਗਾ ਐਲਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਰਣ, ਗੋਨਿਆਣਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਉਗਰਾਹਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਬੱਸ ਅੱਡਾ ਗੋਨਿਆਣਾ ਮੰਡੀ ਵਿਖੇ ਪੰਜਾਬ ਦੇ ਗਵਰਨਰ ਅਤੇ ਬੀਜੇਪੀ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਮੇਂ ਇੱਥੇ ਜੁੜੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਅਤੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੀਆਂ ਪਾਣੀ, ਚੰਡੀਗੜ੍ਹ, ਡੈਮਾਂ ਦਾ ਕੰਟਰੋਲ ਅਤੇ ਕਿਸਾਨਾਂ ਦੀਆਂ ਦੂਜੀਆਂ ਮੰਗਾਂ ਜਿਵੇਂ ਸਾਰੀਆਂ ਫਸਲਾਂ ਉੱਪਰ ਐੱਮਐੱਸਪੀ ਤੇ ਕਾਨੂੰਨੀ ਖਰੀਦ ਗਾਰੰਟੀ, ਕਰਜ਼ਾ ਮੁਕਤੀ, ਫਸਲੀ ਬੀਮਾ, ਕਿਸਾਨ ਪੈਨਸ਼ਨ ,ਕੋਆਪਰੇਟਿਵ ਬੈਂਕਾਂ ਦੀਆਂ ਲਿਮਿਟਾਂ ਵਿੱਚ ਵਾਧਾ ,ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤਾ ਰੱਦ ਕਰਨ ਆਦਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਸ਼ਾਂਤੀ ਪੂਰਨ ਢੰਗ ਨਾਲ ਮਾਰਚ ਕਰ ਰਹੇ ਸਨ।
ਉ੍ਨ੍ਹਾਂ ਉੱਪਰ ਬੀਜੇਪੀ ਦੀ ਕੇਂਦਰ ਸਰਕਾਰ ਦੀ ਸ਼ਹਿ ’ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਰੀ ਲਾਠੀ ਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਵਿੱਚ ਕਿਸਾਨ ਮੋਰਚੇ ਦੇ ਬਹੁਤ ਸਾਰੇ ਆਗੂ ਅਤੇ ਵਰਕਰ ਜ਼ਖਮੀ ਹੋ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਦੇ ਪਾਣੀਆਂ ਦੀ ਵੰਡ ਵਿੱਚ ਪੰਜਾਬ ਨਾਲ ਭਾਰੀ ਬੇਇਨਸਾਫੀ ਕੀਤੀ ਹੈ ਤੇ ਪੰਜਾਬ ਦਾ 50 ਫ਼ੀਸਦੀ ਤੋਂ ਉੱਪਰ ਪਾਣੀ ਗੈਰ ਰਿਪੇਰੀਅਨ ਰਾਜਾਂ ਜਿਵੇਂ ਕਿ ਰਾਜਸਥਾਨ ਨੂੰ ਦੇ ਦਿੱਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਵੱਲੋਂ ਸਾਰਾ ਵਿੱਤੀ ਬੋਝ ਉਠਾਏ ਜਾਣ ਦੇ ਬਾਵਜੂਦ ਪੰਜਾਬ ਦੀ ਪ੍ਰਬੰਧਕੀ ਹਿੱਸੇਦਾਰੀ ਖਤਮ ਕਰ ਦਿੱਤੀ ਗਈ ਹੈ ਜੋ ਕਿ ਅਤਿ ਨਿੰਦਨਯੋਗ ਹੈ।ਡੈਮ ਸੇਫਟੀ ਐਕਟ ਬਣਾ ਕੇ ਕੇਂਦਰ ਸਰਕਾਰ ਨੇ ਡੈਮਾਂ ਦਾ ਸਾਰਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਹੈ, ਜਿਸ ਕਾਰਨ ਪੰਜਾਬ ਨੂੰ ਹਰ ਸਾਲ ਹੜ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਪੰਜਾਬ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਮੁੜ ਤੋਂ ਰਿਪੇਰੀਅਨ ਸਿਧਾਂਤ ਦੇ ਆਧਾਰ ਤੇ ਕੀਤੀ ਜਾਵੇ ਅਤੇ ਪੰਜਾਬ ਦੇ ਸਾਰੇ ਡੈਮਾਂ ਦਾ ਕੰਟਰੋਲ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ।
ਕਿਸਾਨੀ ਦੀਆਂ ਉਪਰੋਕਤ ਵਰਨਣ ਕੀਤੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ । ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕ ਕੇਂਦਰ ਕੋਲੋਂ ਪ੍ਰਾਪਤ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਆਪਣੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਕੋਈ ਵੀ ਮੰਗ ਕੇਂਦਰ ਕੋਲੋਂ ਪੂਰੀ ਨਹੀਂ ਕਰਵਾ ਸਕੀ । ਮੁੱਖ ਮੰਤਰੀ ਭਗਵੰਤ ਮਾਨ ਸਿਰਫ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸਮਾਂ ਪਾਸ ਕਰ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੰਜਾਬ ਅਤੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਜੋਰਦਾਰ ਤਰੀਕੇ ਨਾਲ ਉਠਾਵੇ ਅਤੇ ਉਹਨਾਂ ਨੂੰ ਪੂਰੀਆਂ ਕਰਾਉਣ ਲਈ ਯਤਨ ਕਰੇ।ਕਿਸਾਨ ਆਗੂਆਂ ਨੇ ਦੱਸਿਆ ਕਿ 21 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਕੇ ਇਨ੍ਹਾਂ ਮੰਗਾਂ ਉੱਪਰ ਅਗਲੇ ਸੰਘਰਸ਼ ਦਾ ਐਲਾਨ ਕਰੇਗਾ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ, ਜਗਸੀਰ ਸਿੰਘ ਚਹਿਲ, ਰਜਿੰਦਰ ਸਿੰਘ ਬਲਾਹੜ ਮਹਿਮਾ, ਮੁਲਾਜ਼ਮ ਆਗੂ ਚੰਦਰ ਸ਼ਰਮਾ, ਮਜ਼ਦੂਰ ਆਗੂ ਮਾਸਟਰ ਸੇਵਕ ਸਿੰਘ ਅਤੇ ਹੋਰ ਬਹੁਤ ਸਾਰੇ ਵਰਕਰ ਵੀ ਹਾਜ਼ਰ ਸਨ।