ਕਿਸਾਨ ਆਗੂਆਂ ਦੀ ਰਿਹਾਈ ਲਈ ਬੀਕੇਯੂ ਏਕਤਾ ਉਗਰਾਹਾਂ ਦਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ

-ਡੀਸੀ ਦਫ਼ਤਰ ਦੇ ਗੇਟ ਨੰਬਰ ਵਨ ਇਕ ਘੰਟੇ ਲਈ ਘੇਰਿਆ, ਪੁਰਾਣੇ ਬੱਸ ਅੱਡੇ ਤੱਕ ਰੋਸ ਮਾਰਚ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ. ਬਠਿੰਡਾ
ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚੇ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਨੰਬਰ ਇਕ ਦਾ ਲਗਭਗ ਇਕ ਘੰਟੇ ਲਈ ਘਿਰਾਓ ਕੀਤਾ ਗਿਆ। ਇਸ ਉਪਰੰਤ ਕਿਸਾਨਾਂ ਵੱਲੋਂ ਪੁਰਾਣੇ ਬੱਸ ਅੱਡੇ ਤੱਕ ਰੋਹ ਭਰਪੂਰ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦੇ ਇਕ ਵਫ਼ਦ ਦੀ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਮੀਟਿੰਗ ਵੀ ਹੋਈ, ਜਿਸ ਦੌਰਾਨ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨ ਆਗੂਆਂ ‘ਤੇ ਲਾਈ ਗਈ ਧਾਰਾ 307 ਨਜਾਇਜ਼ ਹੈ ਅਤੇ ਇਸਨੂੰ ਤੁਰੰਤ ਰੱਦ ਕਰਕੇ ਉਨ੍ਹਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਮਾਣਯੋਗ ਹਾਈ ਕੋਰਟ ਵੱਲੋਂ ਜੇਲ੍ਹ ਵਿੱਚ ਬੰਦ ਸਗਨਦੀਪ ਸਿੰਘ ਜਿਉਂਦ ਨੂੰ 11–12 ਦਿਨਾਂ ਦੀ ਅਸਥਾਈ ਛੁੱਟੀ ਦਿੱਤੀ ਗਈ ਹੈ, ਤਾਂ ਜੋ ਉਹ ਆਪਣੀ ਮਾਤਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ। ਮਾਤਾ ਦੇ ਸਸਕਾਰ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ, ਜਿੱਥੇ ਕਿਸਾਨ ਆਗੂਆਂ ਦੀ ਪੱਕੀ ਰਿਹਾਈ ਲਈ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਬਠਿੰਡਾ ਵਿਖੇ ਚੱਲ ਰਿਹਾ ਮੋਰਚਾ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਨੌਂ ਮਹੀਨਿਆਂ ਤੋਂ ਬੰਦ ਕਿਸਾਨ ਆਗੂ ਸਗਨਦੀਪ ਸਿੰਘ ਜਿਉਂਦ ਦੀ ਮਾਤਾ ਦੀ ਮੌਤ ਨੂੰ ਦਸ ਦਿਨ ਬੀਤ ਚੁੱਕੇ ਹਨ, ਪਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ ਤੇ ਬਠਿੰਡਾ ਦੀਆਂ ਅਦਾਲਤਾਂ ਵੱਲੋਂ ਛੁੱਟੀ ਨਾ ਦਿੱਤੇ ਜਾਣ ਕਾਰਨ ਅਜੇ ਤਕ ਮਾਤਾ ਗੁਰਮੇਲ ਕੌਰ ਦਾ ਸੰਸਕਾਰ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ ਚਉਕੇ ਸਕੂਲ ਦੀ ਮੈਨੇਜਮੈਂਟ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਦੇ ਵਿਰੋਧ ਅਤੇ ਸਦੀਆਂ ਤੋਂ ਆਬਾਦ ਜ਼ਮੀਨ ਦੀ ਰਾਖੀ ਲਈ ਕੀਤੇ ਗਏ ਸੰਘਰਸ਼ ਦੌਰਾਨ ਕਿਸਾਨ ਆਗੂਆਂ ‘ਤੇ ਕੇਸ ਦਰਜ ਕੀਤੇ ਗਏ ਸਨ। ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮਝੌਤਾ ਹੋਣ ਉਪਰੰਤ ਜੂਨ ਮਹੀਨੇ ਇਹ ਭਰੋਸਾ ਦਿੱਤਾ ਗਿਆ ਸੀ ਕਿ 10 ਦਿਨਾਂ ਅੰਦਰ ਆਗੂਆਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ, ਪਰ ਪ੍ਰਸ਼ਾਸਨ ਵੱਲੋਂ ਵਾਅਦਾਖ਼ਿਲਾਫ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਹ ਮੋਰਚਾ 12 ਜਨਵਰੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਸੀ, ਜਿਸਨੂੰ 15 ਜਨਵਰੀ ਤੋਂ ਬਾਅਦ ਦੋ ਦਿਨਾਂ ਲਈ ਮੁਲਤਵੀ ਕੀਤਾ ਗਿਆ ਸੀ। ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ, ਕਿਸਾਨ ਆਗੂ ਗੁਲਾਬ ਸਿੰਘ ਅਤੇ ਗੁਰਮੇਲ ਸਿੰਘ ਨੇ ਵੀ ਸੰਬੋਧਨ ਕੀਤਾ।