ਜ਼ਿਲ੍ਹੇ ’ਚ 5.62 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ
ਜ਼ਿਲ੍ਹੇ ਵਿੱਚ 5.62 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ
Publish Date: Sat, 25 Apr 2026 04:46 PM (IST)
Updated Date: Sun, 26 Apr 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖਰੀਦ ਚੱਲ ਰਹੀ ਹੈ, ਉਥੇ ਹੀ ਕਣਕ ਦੀ ਆਮਦ ਵੀ ਤੇਜ਼ ਹੋ ਗਈ ਹੈ, ਪਰ ਖਰੀਦ ਕੀਤੀ ਕਣਕ ਦੀਆਂ ਬੋਰੀਆਂ ਦੀ ਚੁੱਕਾਈ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ। ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਝੱਲਣੀ ਪਵੇ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 24 ਅਪ੍ਰੈਲ ਸ਼ਾਮ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਈ 5.62 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ 5.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 176399 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 127100 ਮੀਟ੍ਰਿਕ ਟਨ, ਪਨਸਪ ਵੱਲੋਂ 114603 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 91014 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 295 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 1129 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।