ਫੈਕਟਰੀ ਕਾਮਿਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ਜਾਮ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਪੋਰਟਸ ਕਿੰਗ ਫੈਕਟਰੀ ਜੀਦਾ ਵਿਖੇ ਚੱਲ ਰਹੇ ਸੰਘਰਸ਼ ਦੌਰਾਨ ਕੁਝ ਮੁਲਾਜ਼ਮਾਂ ਨੂੰ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਮਜ਼ਦੂਰ ਆਗੂਆਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਗ੍ਰਿਫ਼ਤਾਰ ਕੀਤੇ ਕਾਮਿਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤਕ ਧਰਨਾ ਅਤੇ ਰੋਸ ਮੁਜ਼ਾਹਰਾ ਜਾਰੀ ਰਹੇਗਾ। ਇਸ ਮੌਕੇ ਰੋਸ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ, ਫੈਕਟਰੀ ਪ੍ਰਬੰਧਕਾਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਫੈਕਟਰੀ ਪ੍ਰਬੰਧਨ ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਾ ਕਰ ਰਿਹਾ ਹੈ ਅਤੇ ਸੰਘਰਸ਼ ਨੂੰ ਕੁਚਲਣ ਲਈ ਪੁਲਿਸ ਦਾ ਸਹਾਰਾ ਲਿਆ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂਆਂ ਨੇ ਕਿਹਾ ਕਿ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਡਰਾ-ਧਮਕਾ ਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰਿਕ ਹੱਕਾਂ ਉੱਤੇ ਸਿੱਧਾ ਹਮਲਾ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਵਿੱਚ ਤਨਖ਼ਾਹਾਂ ਵਿੱਚ ਵਾਧਾ, ਪੱਕੀ ਨੌਕਰੀ, ਮਜ਼ਦੂਰੀ ਕਾਨੂੰਨਾਂ ਦੀ ਪਾਲਣਾ, ਠੇਕਾ ਪ੍ਰਥਾ ਦਾ ਖਾਤਮਾ ਅਤੇ ਕੰਮਕਾਜ ਵਾਲੀ ਥਾਂ ਉੱਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਜ਼ਦੂਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਉੱਤੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਕੌਮੀ ਸ਼ਾਹ ਮਾਰਗ ਜਾਮ ਹੋਣ ਕਾਰਨ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕੀਤੀ ਗਈ ਅਤੇ ਹਾਲਾਤਾਂ 'ਤੇ ਨਜ਼ਰ ਰੱਖੀ ਗਈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨਕਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ ਸੀ।
-ਬਾਕਸ-
-ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰਨਾ ਸਰਾਸਰ ਗੈਰ ਸੰਵਿਧਾਨਕ : ਜਮਹੂਰੀ ਅਧਿਕਾਰ ਸਭਾ
(ਬਠਿੰਡਾ) ਲੇਬਰ ਕਾਨੂੰਨਾਂ ਮੁਤਾਬਕ ਬਣਦੀ ਗੁਜਾਰੇ ਲਾਇਕ ਵਾਜਿਬ ਤਨਖਾਹ ਅਤੇ ਕੰਮ ਦੀਆਂ ਬਿਹਤਰ ਹਾਲਤਾਂ ਤੇ ਸਹੂਲਤਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਪੋਰਟਕਿੰਗ ਫੈਕਟਰੀ ਜੀਦਾ ਦੇ ਕਾਮਿਆਂ ਨੂੰ ਗ੍ਰਿਫਤਾਰ ਕਰਕੇ ਨੇਹੀਆਂ ਵਾਲਾ, ਨੰਦਗੜ ਤੇ ਕਿਲੀ ਨਿਹਾਲ ਸਿੰਘ ਵਾਲਾ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ, ਜਿਨ੍ਹਾਂ ਵਿੱਚ ਦੋ ਦਰਜਨ ਦੇ ਕਰੀਬ ਔਰਤਾਂ ਵੀ ਹਨ। ਸੰਘਰਸ਼ਸ਼ੀਲ ਫੈਕਟਰੀ ਕਾਮਿਆਂ ਦੇ ਕਹਿਣ ਮੁਤਾਬਕ ਉਹਨਾਂ ਤੋਂ 12-12 ਘੰਟੇ ਕੰਮ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਬਹੁਤ ਨਿਗੂਣੀਆ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਨਾਲ ਉਹਨਾਂ ਦਾ ਗੁਜ਼ਾਰਾ ਹੋਣਾ ਬਹੁਤ ਮੁਸ਼ਕਿਲ ਹੈ l ਫੈਕਟਰੀ ਦੇ ਅੰਦਰ ਪ੍ਰਦੂਸ਼ਣ ਵੀ ਬਹੁਤ ਹੈ ਅਤੇ ਕੰਮ ਦੀਆਂ ਹਾਲਤਾਂ ਬਹੁਤ ਮਾੜੀਆਂ ਤੇ ਸਖਤ ਹਨ l ਸਭਾ ਤੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ, ਸਕੱਤਰ ਸੁਦੀਪ ਸਿੰਘ ਅਤੇ ਪ੍ਰੈਸ ਸਕੱਤਰ ਡਾ.ਅਜੀਤਪਾਲ ਸਿੰਘ ਮੁਤਾਬਕ ਇਹਨਾਂ ਕਾਮਿਆਂ ਨੂੰ ਇਸ ਤਰ੍ਹਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਗ੍ਰਿਫਤਾਰ ਕਰਕੇ ਥਾਣਿਆਂ ਵਿੱਚ ਬੰਦ ਕਰਨਾ ਸਰਾਸਰ ਗੈਰ ਸੰਵਿਧਾਨਕ ਹੈ l ਉਨ੍ਹਾਂ ਮੰਗ ਕੀਤੀ ਕਿ ਕਾਮਿਆਂ ਤੇ ਕੀਤਾ ਜਾ ਰਿਹਾ ਜਬਰ ਬੰਦ ਕਰ ਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।