ਫੀਲਡ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ’ਚ ਰੋਸ ਮੁਜ਼ਾਹਰਾ ਅੱਜ
ਫੀਲਡ ਮੁਲਾਜ਼ਮ 7 ਮਈ ਨੂੰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ
Publish Date: Wed, 06 May 2026 05:03 PM (IST)
Updated Date: Thu, 07 May 2026 04:06 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਪੀਡਬਲਿਊਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ ਮੁਖੀਆਂ ਖ਼ਿਲਾਫ਼ 7 ਮਈ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ, ਜ਼ਿਲ੍ਹਾ ਚੇਅਰਮੈਨ ਹਰਨੇਕ ਸਿੰਘ ਗਹਿਰੀ, ਕੁਲਵੰਤ ਸਿੰਘ ਬੁਰਜ ਥਰੋੜ, ਲਖਬੀਰ ਸਿੰਘ ਭਾਗੀ ਬਾਂਦਰ, ਪਰਮ ਚੰਦ ਬਠਿੰਡਾ, ਦਰਸ਼ਨ ਸ਼ਰਮਾ, ਸੁਖਚੈਨ ਸਿੰਘ, ਹੰਸ ਰਾਜ ਬੀਜਵਾ, ਬਲਜਿੰਦਰ ਸਿੰਘ ,ਗੁਰਮੀਤ ਸਿੰਘ ਭੋਡੀਪੁਰਾ, ਧਰਮ ਸਿੰਘ ਕੋਠਾ ਗੁਰੂ, ਸੁਖਚੈਨ ਸਿੰਘ, ਗੁਰਜੰਟ ਮਾਨ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਸਿੱਧੂ, ਗੁਰਚਰਨ ਜੋੜਕੀਆਂ, ਪਿਆਰੇ ਲਾਲ ਨੇ ਦੱਸਿਆ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਜਦਕਿ ਹੋਰ ਬੋਰਡਾਂ ਤੇ ਕਾਰਪੋਰੇਸ਼ਨਾਂ ਤੇ ਸਥਾਨਕ ਸਰਕਾਰਾਂ ਵਿਭਾਗ ਵੱਖ ਵੱਖ ਵਿੰਗਾਂ ਅੰਦਰ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਹਿਕਮਾ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਆਪਣੇ ਪੱਧਰ ’ਤੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿਚ ਏਜੰਡਾ ਪਾਸ ਕਰਕੇ ਪੈਨਸ਼ਨ ਦੇਣ ਸਬੰਧੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰ-ਵਾਰ ਇਤਰਾਜ਼ ਲਾ ਕੇ ਕੇਸ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਤਿੰਨ ਵਾਰ ਜਥੇਬੰਦੀ ਦੀਆਂ ਮੀਟਿੰਗਾਂ ਵਿਚ ਹਦਾਇਤਾਂ ਹੋਣ ਦੇ ਬਾਵਜੂਦ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੈਨਸ਼ਨ ਦੇਣ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਦਕਿ ਇਸ ਦੇ ਸਬੰਧ ਵਿਚ ਬਹੁਤ ਸਾਰੀਆਂ ਮੀਟਿੰਗਾਂ ਇਨ੍ਹਾਂ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ। ਰੋਸ ਵਜੋਂ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾ ਵੱਲੋਂ 7 ਮਈ 2026 ਨੂੰ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਦੇ ਖਿਲਾਫ਼ 35 ਏ ਚੰਡੀਗੜ੍ਹ ਵਿਖੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੇ ਸੀਈਓ ਤੇ ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਤੇ ਪੰਜਾਬ ਸਰਕਾਰ ਦੀ ਹੋਵੇਗੀ।