ਜ਼ਿਲ੍ਹੇ ਅੰਦਰ ਗਰਮੀ ਦਾ ਪ੍ਰਕੋਪ ਵਧਣ ਲੱਗਾ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹੇ ਅੰਦਰ ਗਰਮੀ ਦਾ ਪ੍ਰਕੋਪ ਵਧਣ ਲੱਗਾ ਹੈ। ਇਕ ਵਾਰ ਬਠਿੰਡਾ ਦਾ ਤਪਾਮਾਨ 40 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ, ਪਰ ਸ਼ੁੱਕਰਵਾਰ ਨੂੰ ਆਸਮਾਨ ’ਤੇ ਛਾਈ ਬੱਦਲਬਾਈ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨ੍ਹਾਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਪਾਰ ਕਰ ਸਕਦਾ ਹੈ। ਦਜੇ ਪਾਸੇ ਵਿਭਾਗ ਨੇ 20 ਅਪ੍ਰੈਲ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 16 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਤਕ ਪੁੱਜ ਗਿਆ ਸੀ ਜਦੋਂ ਕਿ 15 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਆਸਮਾਨ ’ਤੇ ਬੱਦਲਬਾਈ ਰਹਿਣ ਕਾਰਨ ਤਾਪਮਾਨ ਵਿਚ ਕੁੱਝ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ. ਤਪਿੰਦਰਜੋਤ ਵੱਲੋਂ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਵਧ ਰਹੀ ਗਰਮੀ ਕਾਰਨ ਦਿਨ ਸਮੇਂ ਲੋਕਾਂ ਦੀ ਸਰਗਰਮੀ ਘਟ ਗਈ ਹੈ।
ਬਾਕਸ
-ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਤੇ ਕੀ ਨਹੀਂ ਕਰਨਾ ਚਾਹੀਦੈ
ਵਧੇਰੇ ਜੋਖ਼ਮ ’ਤੇ ਹਨ :
ਨਵਜੰਮੇ ਅਤੇ ਛੋਟੇ ਬੱਚੇ
ਗਰਭਵਤੀ ਔਰਤਾਂ
-65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ
ਮਜ਼ਦੂਰ
ਮੋਟਾਪੇ ਤੋਂ ਪੀੜਤ ਵਿਅਕਤੀ
ਮਾਨਸਿਕ ਰੋਗੀ
ਜੋ ਸਰੀਰਕ ਤੌਰ ਤੇ ਬਿਮਾਰ ਹਨ, ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਹੈ
-ਬਾਕਸ
-ਕੀ ਕਰਨਾ ਚਾਹੀਦਾ ਹੈ:
ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ।
ਪਿਆਸ ਨਾ ਲੱਗਣ ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।
ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ।
ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।
ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।
ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਉਨ੍ਹਾਂ ਲੋਕਾਂ ਨੂੰ ਪਾਣੀ ਦੀ ਪੇਸ਼ਕਸ਼ ਕਰੋ ਜੋ ਤੁਹਾਡੇ ਘਰ ਜਾਂ ਦਫਤਰ ਵਿੱਚ ਸਮਾਨ ਜਾਂ ਭੋਜਨ ਦੀ ਡਿਲਿਵਰੀ ਲਈ ਆਉਂਦੇ ਹਨ।
ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ।
ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ।
ਘੱਟ ਭੋਜਨ ਖਾਓ ਅਤੇ ਜ਼ਿਆਦਾ ਵਾਰ ਖਾਓ।
ਠੰਢੇ ਪਾਣੀ ਨਾਲ ਵਾਰ-ਵਾਰ ਨਹਾਓ।
ਛੱਤਾਂ ’ਤੇ ਤੂੜੀ ਪਾ ਕੇ ਜਾਂ ਸਬਜ਼ੀਆਂ ਉਗਾ ਕੇ ਤਾਪਮਾਨ ਘੱਟ ਰੱਖਿਆ ਜਾ ਸਕਦਾ ਹੈ।
ਜੇਕਰ ਕਸਰਤ ਕਰ ਰਹੇ ਹੋ, ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਅੰਤ ਵਿਚ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਹੋਣ ਤੱਕ ਇਸ ਨੂੰ ਕੁਝ ਦਿਨਾਂ ਵਿਚ ਵਧਾਓ।
ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਨਾਲ ਖਾਣ ਵਰਗੇ ਰਵਾਇਤੀ ਉਪਚਾਰ ਹੀਟ ਸਟ੍ਰੋਕ ਤੋਂ ਬਚਾ ਸਕਦੇ ਹਨ।
ਸੱਤੂ ਦਾ ਪ੍ਰਯੋਗ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ।
ਬਾਕਸ
-ਕੀ ਕੁਝ ਨਹੀਂ ਕਰਨਾ ਚਾਹੀਦਾ ਹੈ
-ਧੁੱਪ ਵਿੱਚ ਖਾਸ ਤੌਰ ’ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ।
-ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜੇ ਅਤੇ ਖਿੜਕੀਆਂ ਖੁੱਲੀਆਂ ਰੱਖੋ।
-ਐਲਕੋਹਲ, ਚਾਹ, ਕੌਫੀ ਅਤੇ ਕਾਰਬੋਨੇਟਿਡ (ਪੈਪਸੀ, ਕੋਕ ਆਦਿ) ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ।
-ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
-ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ।
-ਬਾਕਸ
-ਜਿਨ੍ਹਾਂ ਮਰੀਜ਼ਾਂ ਲਈ ਫੌਰੀ ਡਾਕਟਰੀ ਦੇਖਭਾਲ ਦੀ ਲੋੜ ਹੁੰਦੀ ਹੈ
-ਆਰਾਮ ਨਾ ਕਰਨ ਨਾਲ ਮਾਨਸਿਕ ਸੰਤੁਲਨ ਵਿਚ ਬਦਲਾਅ, ਬੇਚੈਨੀ, ਬੋਲਣ ਵਿੱਚ ਦਿੱਕਤ, ਚਿੜਚਿੜਾਪਨ, ਅਟੈਕਸੀਆ (ਬੋਲਣ ਵਿਚ ਦਿੱਕਤ), ਹਕਲਾ ਕੇ ਬੋਲਣਾ, ਦੌਰੇ ਆਦਿ ਪੈਣ ਨਾਲ।
-ਗਰਮ, ਲਾਲ ਅਤੇ ਖੁਸ਼ਕ ਚਮੜੀ
-ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਜਾਂਦਾ ਹੈ
-ਗੰਭੀਰ ਸਿਰ ਦਰਦ ਹੋਣਾ।
-ਚਿੰਤਾ, ਚੱਕਰ ਆਉਣੇ, ਬੇਹੋਸ਼ੀ ਤੇ ਹਲਕਾ ਸਿਰ ਦਰਦ ਹੋਣਾ
-ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਅ ਇਕ ਘੰਟੇ ਤੋਂ ਵੱਧ ਸਮੇਂ ਤੱਕ ਰਹਿੰਦੀ ਹੈ।
-ਉਲਟੀਆਂ (ਜੀਅ ਮਚਲਾਣਾ)।
-ਦਿਲ ਦੀ ਧੜਕਣ ਤੇਜ਼ ਹੋਣਾ•।
-ਸਾਹ ਲੈਣ ਵਿੱਚ ਤਕਲੀਫ਼ ਹੋਣਾ।