ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਰਾਮਪੁਰਾ-ਮੌੜ ਮਾਰਗ ਜਾਮ
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰਾਮਪੁਰਾ–ਮੌੜ ਮਾਰਗ ਜਾਮ
Publish Date: Tue, 05 May 2026 08:33 PM (IST)
Updated Date: Wed, 06 May 2026 04:15 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਮੰਡੀ ਕਲਾਂ ਨੇੜੇ ਲੱਕੜਾਂ ਨਾਲ ਭਰੇ ਟਰੱਕ ਨਾਲ ਵਾਪਰੇ ਸੜਕ ਹਾਦਸੇ ਵਿਚ ਪਿੰਡ ਡਿੱਖ ਦੇ ਮੋਹਨ ਸਿੰਘ ਦੀ ਮੌਤ ਮਾਮਲੇ ’ਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਅਗਵਾਈ ਹੇਠ ਰਾਮਪੁਰਾ ਫੂਲ–ਮੌੜ ਮੁੱਖ ਮਾਰਗ ‘ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ। ਪ੍ਰਦਰਸ਼ਨ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ ਤੇ ਗੋਰਾ ਸਿੰਘ ਡਿੱਖ ਨੇ ਦੱਸਿਆ ਕਿ ਬੀਤੇ ਦਿਨੀਂ ਮੋਹਨ ਸਿੰਘ ਆਪਣੇ ਬੇਟੇ ਨੂੰ ਦਵਾਈ ਦਿਵਾਉਣ ਲਈ ਰਾਮਪੁਰਾ ਫੂਲ ਜਾ ਰਹੇ ਸਨ। ਮੰਡੀ ਕਲਾਂ ਕੋਲ ਅਚਾਨਕ ਅੱਗੇ ਜਾ ਰਹੇ ਲੱਕੜਾਂ ਨਾਲ ਭਰੇ ਟਰੱਕ ਨੇ ਬਰੇਕ ਲਗਾ ਦਿੱਤੇ, ਜਿਸ ਨਾਲ ਮੋਟਰਸਾਈਕਲ ਟਰੱਕ ਨਾਲ ਟਕਰਾਅ ਗਿਆ ਤੇ ਮੋਹਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਸਬੰਧੀ ਪ੍ਰਸ਼ਾਸਨ ਵੱਲੋਂ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਜਾ ਰਿਹਾ ਹੈ ਤੇ ਮਾਮਲੇ ਨੂੰ ਲੰਬਿਤ ਰੱਖਿਆ ਜਾ ਰਿਹਾ ਹੈ। ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਨੂੰ ਧੱਕੇ ਖਾਣੇ ਪੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਧਰਨੇ ਕਾਰਨ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਆਵਾਜਾਈ ਪ੍ਰਭਾਵਿਤ ਰਹੀ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਥਾਣਾ ਬਾਲਿਆਂਵਾਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਖ਼ਬਰ ਲਿਖੇ ਜਾਣ ਤਕ ਧਰਨਾ ਜਾਰੀ ਸੀ।