ਲੁੱਟ-ਖੋਹ ਦੀਆਂ ਘਟਨਾਵਾਂ ਉਪਰੰਤ ‘ਆਟੋ ਤੇ ਈ-ਰਿਕਸ਼ਾ ਚਾਲਕਾਂ 'ਤੇ ਕੱਸਿਆ ਸ਼ਿਕੰਜਾ’
ਲੁੱਟ-ਖੋਹ ਦੀਆਂ ਘਟਨਾਵਾਂ ਵਧਣ ਬਾਅਦ ਟ੍ਰੈਫਿਕ ਪੁਲਿਸ ਦੀ ਸਖਤੀ, ਆਟੋ ਅਤੇ ਈ-ਰਿਕਸ਼ਾ ਚਾਲਕਾਂ 'ਤੇ ਸ਼ਿਕੰਜਾ ਕੱਸਿਆ
Publish Date: Tue, 05 May 2026 05:34 PM (IST)
Updated Date: Wed, 06 May 2026 04:06 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ. ਬਠਿੰਡਾ : ਸ਼ਹਿਰ ਵਿਚ ਵਧ ਰਹੀਆਂ ਲੁੱਟਖੋਹ ਦੀਆਂ ਘਟਨਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਨੇ ਆਟੋ ਅਤੇ ਈ-ਰਿਕਸ਼ਾ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਟ੍ਰੈਫਿਕ ਇੰਚਾਰਜ ਮੇਜਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਵਿਆਪਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਚਲਾਨ ਕੱਟੇ ਗਏ ਅਤੇ ਕਈ ਚਾਲਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ। ਪੁਲਿਸ ਵੱਲੋਂ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ, ਬੀਮਾ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਧਿਆਨ ਨਾਲ ਜਾਂਚ ਕੀਤੀ। ਕਈ ਮਾਮਲਿਆਂ ਵਿਚ ਦਸਤਾਵੇਜ਼ ਅਧੂਰੇ ਮਿਲੇ, ਜਿਸ ਕਾਰਨ ਮੌਕੇ ’ਤੇ ਹੀ ਚਲਾਨ ਕੀਤੇ ਗਏ। ਪੁਲਿਸ ਨੇ ਆਟੋ ਦੀ ਅਗੇਲੀ ਸੀਟ ’ਤੇ ਸਹਾਇਕ ਬਿਠਾਉਣ ਦੀ ਪ੍ਰਥਾ ’ਤੇ ਵੀ ਇਤਰਾਜ਼ ਜਤਾਇਆ ਹੈ। ਅਧਿਕਾਰੀਆਂ ਮੁਤਾਬਕ ਇਹ ਨਿਯਮਾਂ ਦੀ ਉਲੰਘਣਾ ਦੇ ਨਾਲ-ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧਾਉਂਦਾ ਹੈ। ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਚਾਲਕ ਕੋਲ ਗ਼ੈਰ-ਕਾਨੂੰਨੀ ਹਥਿਆਰ ਮਿਲਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਲੀਆ ਦਿਨਾਂ ਵਿਚ ਕੁਝ ਅਸਾਮਾਜਿਕ ਅਨਸਰਾਂ ਵੱਲੋਂ ਇਸ ਪੇਸ਼ੇ ਵਿਚ ਸ਼ਾਮਲ ਹੋ ਕੇ ਯਾਤਰੀਆਂ ਨਾਲ ਲੁੱਟ-ਖੋਹ ਤੇ ਕੁੱਟਮਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਸਖ਼ਤੀ ਵਧਾਈ ਗਈ ਹੈ। ਟ੍ਰੈਫਿਕ ਪੁਲਿਸ ਨੂੰ ਇਹ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਚਾਲਕ ਨਿਰਧਾਰਤ ਪਾਰਕਿੰਗ ਸਥਾਨਾਂ ਤੋਂ ਬਾਹਰ ਵਾਹਨ ਖੜ੍ਹੇ ਕਰਕੇ ਜਾਮ ਪੈਦਾ ਕਰ ਰਹੇ ਹਨ ਤੇ ਨਿਰਧਾਰਤ ਗਿਣਤੀ ਤੋਂ ਵੱਧ ਸਵਾਰੀਆਂ ਬਿਠਾਈਆਂ ਜਾ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਮੁਹਿੰਮ ਤਹਿਤ ਆਟੋ ਯੂਨੀਅਨਾਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੁਲਿਸ ਨੇ ਯੂਨੀਅਨ ਅਧਿਕਾਰੀਆਂ ਨੂੰ ਸਾਰੇ ਚਾਲਕਾਂ ਦੀ ਪੂਰੀ ਵੇਰੀਫਿਕੇਸ਼ਨ ਕਰਵਾ ਕੇ ਰਿਕਾਰਡ ਪੁਲਿਸ ਨਾਲ ਸਾਂਝਾ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸੇ ਵੀ ਅਪਰਾਧਕ ਘਟਨਾ ਵਿਚ ਦੋਸ਼ੀਆਂ ਤਕ ਪਹੁੰਚ ਆਸਾਨ ਹੋ ਸਕੇ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਇਹ ਮੁਹਿੰਮ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਨੇ ਸਾਰੇ ਆਟੋ ਅਤੇ ਈ-ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸਾਰੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਨਿਰਧਾਰਤ ਗਿਣਤੀ ਤੋਂ ਵੱਧ ਸਵਾਰੀਆਂ ਨਾ ਬਿਠਾਉਣ।