ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ: ਚੇਅਰਮੈਨ ਪੁਰੀ

-ਕਿਹਾ, ‘ਆਪ’ ਦੀ ਸਰਕਾਰ ਨੇ ਬਠਿੰਡਾ ਦੇ ਵਿਕਾਸ ’ਚ ਨਹੀਂ ਛੱਡੀ ਕੋਈ ਕਸਰ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਾਕੇਸ਼ ਕੁਮਾਰ ਪੁਰੀ ਨੇ ਦਾਅਵਾ ਕੀਤਾ ਹੈ ਕਿ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਠਿੰਡਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਕਾਰਨ ਲੋਕਾਂ ਦਾ ਆਮ ਆਦਮੀ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।
ਵੱਖ ਵੱਖ ਉਮੀਦਵਾਰਾਂ ਦੇ ਹੱਕ ਵਿਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਵਰਗ ਲਈ ਕੰਮ ਕੀਤਾ ਹੈ ਅਤੇ ਬਠਿੰਡਾ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਲਾਭ ਸਿੱਧਾ ਲੋਕਾਂ ਤਕ ਪਹੁੰਚ ਰਿਹਾ ਹੈ। ਚੇਅਰਮੈਨ ਨੇ ਦੱਸਿਆ ਕਿ ਬਠਿੰਡਾ ਵਿੱਚ ਨਵੇਂ ਵਿਕਾਸ ਪ੍ਰੋਜੈਕਟ ਲਿਆ ਕੇ ਸ਼ਹਿਰ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ, ਮੁਹੱਲਾ ਕਲੀਨਿਕ ਖੋਲ੍ਹਣ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵੱਡੇ ਪੱਧਰ 'ਤੇ ਕੰਮ ਹੋਇਆ ਹੈ। ਪੁਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਬਠਿੰਡਾ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਮੌਜੂਦਾ ਸਰਕਾਰ ਨੇ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਯਤਨ ਕੀਤੇ ਹਨ। ਉਨ੍ਹਾਂ: ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਸਿਆਸਤ ਨੂੰ ਸਮਝ ਚੁੱਕੇ ਹਨ ਤੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਫ਼ਿਰ ਬਠਿੰਡਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਰਚੇਗੀ। ਰਾਕੇਸ਼ ਕੁਮਾਰ ਪੁਰੀ ਨੇ ਕਿਹਾ ਕਿ ਪਾਰਟੀ ਦੀ ਪਹਿਲੀ ਤਰਜੀਹ ਸ਼ਹਿਰ ਦੇ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਅਤੇ ਬਿਹਤਰ ਨਾਗਰਿਕ ਸਹੂਲਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਬਾਅਦ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬਠਿੰਡਾ ਨੂੰ ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਵੱਡੇ ਪੱਧਰ 'ਤੇ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।