ਤਨਖਾਹ ਨਾ ਮਿਲਣ ’ਚੇ ਆਸ਼ਾ ਵਰਕਰਾਂ ਵੱਲੋਂ ਧਰਨਾ
ਤਨਖਾਹ ਨਾ ਮਿਲਣ ਕਾਰਨ ਆਸ਼ਾ ਵਰਕਰਾਂ ਵੱਲੋਂ ਸਿਵਲ ਹਸਪਤਾਲ ਵਿੱਚ ਧਰਨਾ
Publish Date: Wed, 27 May 2026 05:31 PM (IST)
Updated Date: Thu, 28 May 2026 04:02 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਗੁੱਸੇ ਵਿੱਚ ਆਈਆਂ ਆਸ਼ਾ ਵਰਕਰਾਂ ਨੇ ਸਿਵਲ ਹਸਪਤਾਲ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਧਰਨੇ ਦੀ ਅਗਵਾਈ ਬਲਾਕ ਪ੍ਰਧਾਨ ਸੁਖਦੀਪ ਕੌਰ ਨੇ ਕੀਤੀ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਹਿੱਸਾ ਲਿਆ। ਬਲਾਕ ਪ੍ਰਧਾਨ ਸੁਖਦੀਪ ਕੌਰ ਨੇ ਕਿਹਾ ਕਿ ਨਥਾਣਾ ਬਲਾਕ ਦੀਆਂ ਆਸ਼ਾ ਵਰਕਰਾਂ ਅਤੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਤਨਖਾਹ ਲਈ ਸੰਘਰਸ਼ ਕਰਨਾ ਪੈਂਦਾ ਹੈ, ਜਦਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਖੁਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਔਰਤਾਂ ਨੂੰ ਸੜਕਾਂ ’ਤੇ ਨਹੀਂ ਆਉਣ ਦਿੱਤਾ ਜਾਵੇਗਾ, ਪਰ ਹੁਣ ਹਾਲਾਤ ਇਹ ਹਨ ਕਿ ਆਸ਼ਾ ਵਰਕਰਾਂ ਨੂੰ ਆਪਣਾ ਹੱਕ ਲੈਣ ਲਈ ਧਰਨੇ ਅਤੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਅੱਜ ਵੀ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਸਰਬਜੀਤ ਕੌਰ ਨੇ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ ਤੋਂ ਮੁਫ਼ਤ ਵਿੱਚ ਕੰਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਦਿਨ-ਰਾਤ ਮਿਹਨਤ ਕਰਦੀਆਂ ਹਨ ਅਤੇ ਪਿੰਡ-ਪਿੰਡ ਜਾ ਕੇ ਸਿਹਤ ਸੇਵਾਵਾਂ ਨਾਲ ਜੁੜੇ ਕੰਮ ਕਰਦੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ। ਆਸ਼ਾ ਵਰਕਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਬਕਾਇਆ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਮਿਲਣ ਵਾਲਾ ਇੰਸੈਂਟਿਵ ਵੀ ਸਮੇਂ ਸਿਰ ਦਿੱਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਤਨਖਾਹ ਹਰ ਮਹੀਨੇ ਦੀ 7 ਤਰੀਕ ਤੱਕ ਨਿਯਮਿਤ ਤੌਰ ’ਤੇ ਜਾਰੀ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।