ਆਪਰੇਸ਼ਨ ਪ੍ਰਹਾਰ ਅਤੇ ਕਾਸਕੋ ਤਹਿਤ

-ਡੀਜੀਪੀ ਸਪੈਸ਼ਲ ਤੇ ਡੀਆਈਜੀ ਬਠਿੰਡਾ ਰੇਂਜ ਦੀ ਅਗਵਾਈ ਹੇਠ ਹਾਟ-ਸਪਾਟ ਇਲਾਕਿਆਂ ’ਚ ਛਾਪੇਮਾਰੀ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਨਸ਼ੇ ਤੇ ਸੰਗਠਿਤ ਅਪਰਾਧ ਖ਼ਿਲਾਫ਼ ਬਠਿੰਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ‘ਆਪ੍ਰੇਸ਼ਨ ਪ੍ਰਹਾਰ’ ਅਤੇ ਕਾਸਕੋ ਤਹਿਤ ਚਲਾਈ ਗਈ ਇਸ ਮੁਹਿੰਮ ਵਿਚ ਪੁਲਿਸ ਨੇ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ‘ਤੇ ਵੀ ਸ਼ਿਕੰਜਾ ਕੱਸਦਿਆਂ ਹਥਿਆਰ ਬਰਾਮਦ ਕੀਤੇ। ਇਸ ਅਭਿਆਨ ਦੀ ਅਗਵਾਈ ਡੀਜੀਪੀ ਸਪੈਸ਼ਲ ਡਾ. ਜਤਿੰਦਰ ਜੈਨ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕੀਤੀ। ਇਸ ਮੁਹਿੰਮ ਵਿਚ ਜ਼ਿਲ੍ਹੇ ਦੇ ਸਾਰੇ ਥਾਣਾ ਖੇਤਰਾਂ ਦੀਆਂ ਪੁਲਿਸ ਟੀਮਾਂ ਦੇ ਨਾਲ ਐੱਸਪੀ ਤੇ ਡੀਐੱਸਪੀ ਦਰਜੇ ਦੇ ਅਧਿਕਾਰੀ ਵੀ ਸਰਗਰਮੀ ਨਾਲ ਸ਼ਾਮਲ ਰਹੇ। ਪੁਲਿਸ ਦੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਤੋਂ ਹੈਰੋਇਨ, ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਆਪ੍ਰੇਸ਼ਨ ਪ੍ਰਹਾਰ ਦੌਰਾਨ 30 ਬੋਰ ਦਾ ਪਿਸਤੌਲ ਵੀ ਜ਼ਬਤ ਕੀਤਾ ਗਿਆ ਹੈ। ਕਈ ਸ਼ੱਕੀ ਤੇ ਅਪਰਾਧਿਕ ਅਨਸਰਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਸ ਵਿਚ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਡਾ. ਜਤਿੰਦਰ ਜੈਨ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪੂਰੀ ਨਿਸ਼ਠਾ ਨਾਲ ਆਪਣੇ ਫ਼ਰਜ਼ ਨਿਭਾਉਣ ਦੇ ਨਿਰਦੇਸ਼ ਦਿੱਤੇ। ਸਵੇਰੇ ਸ਼ੁਰੂ ਹੋਏ ਇਸ ਅਭਿਆਨ ਵਿਚ ਪੁਲਿਸ ਨੇ ਨਸ਼ਾ ਪ੍ਰਭਾਵਿਤ ਤੇ ਸੰਵੇਦਨਸ਼ੀਲ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਖ਼ਾਸ ਤੌਰ ‘ਤੇ ਉਨ੍ਹਾਂ ਖੇਤਰਾਂ ਵਿੱਚ ਤਲਾਸ਼ੀ ਲਈ ਗਈ, ਜਿਨ੍ਹਾਂ ਨੂੰ ਨਸ਼ਾ ਤਸਕਰੀ, ਗੁੰਡਾਗਰਦੀ ਤੇ ਝਗੜਿਆਂ ਦੇ ਹਾਟਸਪਾਟ ਵਜੋਂ ਚਿੰਨ੍ਹਤ ਕੀਤਾ ਗਿਆ ਸੀ। ਪੁਲਿਸ ਟੀਮਾਂ ਨੇ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਅਤੇ ਸੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਡੀਜੀਪੀ ਡਾ. ਜੈਨ ਨੇ ਥਾਣਾ ਮੌੜ ਦਾ ਜਾਇਜ਼ਾ ਲਿਆ।
ਇਸ ਦੌਰਾਨ ਪੁਲਿਸ ਸਟੇਸ਼ਨ ਦੀ ਸੁਰੱਖਿਆ ਵਿਵਸਥਾ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡੀਜੀਪੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐਸਐਸਪੀ ਡਾ. ਜਯੋਤੀ ਯਾਦਵ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਤੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਪ੍ਰਾਥਮਿਕਤਾ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਥਾਂ-ਥਾਂ ਵਿਸ਼ੇਸ਼ ਨਾਕੇਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ। ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕਰਕੇ ਕਈ ਲੋਕਾਂ ਨਾਲ ਪੁੱਛਗਿੱਛ ਕੀਤੀ ਗਈ, ਜਿਸ ਨਾਲ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਮਹੱਤਵਪੂਰਨ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਇਹ ਅਭਿਆਨ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਇਸੇ ਤਰ੍ਹਾਂ ਵੱਡੇ ਪੱਧਰ ‘ਤੇ ਸਰਚ ਓਪਰੇਸ਼ਨ ਚਲਾਏ ਜਾਣਗੇ। ਨਾਲ ਹੀ ਗੈਂਗਸਟਰਾਂ ਅਤੇ ਅਪਰਾਧਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਡਾ. ਜੈਨ ਨੇ ਕਿਹਾ ਕਿ ਆਪਰੇਸ਼ਨ ਪ੍ਰਹਾਰ ਤੇ ਯੁੱਧ ਨਸ਼ਿਆਂ ਵਿਰੁੱਧ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਬਹੁਤੇ ਸਾਰੇ ਅਪਰਾਕੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਡੱਕਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।