ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦਾ ਬੁਰਾ ਹਾਲ, ਥਾਂ ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

-ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਥਾਂ-ਥਾਂ ’ਤੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਔਖੇ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਿਗਮ ਦੇ ਸਫ਼ਾਈ ਮੁਲਾਜ਼ਮਾਂ ਦੀ ਜਾਰੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ। ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਢੇਰ ਲੱਗਣ ਕਾਰਨ ਗੰਦਗੀ ਤੇ ਬਦਬੂ ਫੈਲ ਰਹੀ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧ ਰਹੀ ਗੰਦਗੀ ਕਾਰਨ ਲੋਕਾਂ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਸੜਕਾਂ ਤੇ ਗਲੀਆਂ ਵਿਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਮੱਖੀਆਂ ਮੱਛਰਾਂ ਦੀ ਭਰਮਾਰ ਪੈਦਾ ਹੋ ਗਈ ਹੈ। ਹਾਲਾਕਿ ਸੋਮਵਾਰ ਨੂੰ ਸਫਾਈ ਕਾਮਿਆਂ ਦੀ ਹੜਤਾਲ ਖਤਮ ਹੋਣ ਦੀ ਚਰਚਾ ਚੱਲਦੀ ਰਹੀ, ਪਰ ਕਮਿਆਂ ਨੇ ਨਿਗਮ ਦਫ਼ਤਰ ਅੱਗੇ ਧਰਨਾ ਲਾ ਕੇ ਸਰਕਾਰ ਤੇ ਨਿਗਮ ਖਿਲਾਫ਼ ਨਾਅਰੇਬਾਜ਼ੀ ਕੀਤੀ।
ਕਾਮਿਆਂ ਨੇ ਐਲਾਨ ਕੀਤਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਉਹ ਹੜਤਾਲ ਜਾਰੀ ਰੱਖਣਗੇ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਆਪ ਦੀ ਅਗਵਾਈ ਵਾਲੇ ਨਗਰ ਨਿਗਮ ਹਾਊਸ ਦੀ ਨਾਕਾਮੀ ਦਾ ਖਮਿਆਜ਼ਾ ਅੱਜ ਬਠਿੰਡਾ ਦੀ ਜਨਤਾ ਭੁਗਤ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਿਗਮ ਦੀ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ, ਪਰ ਸਰਕਾਰ ਤੇ ਨਿਗਮ ਪ੍ਰਸ਼ਾਸਨ ਸਮੱਸਿਆ ਦੇ ਹੱਲ ਲਈ ਗੰਭੀਰ ਨਜ਼ਰ ਨਹੀਂ ਆ ਰਹੇ। ਸਿੰਗਲਾ ਨੇ ਕਿਹਾ ਕਿ ਨਿਗਮ ਹਾਊਸ ਨੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਸਿਰਫ ਦਿਖਾਵੇ ਦੀ ਰਾਜਨੀਤੀ ਕੀਤੀ। ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਸਮੇਂ ਸਿਰ ਨਹੀਂ ਸੁਣਿਆ ਗਿਆ, ਜਿਸ ਕਾਰਨ ਅੱਜ ਮੁਲਾਜ਼ਮ ਹੜਤਾਲ ’ਤੇ ਹਨ ਤੇ ਆਮ ਲੋਕ ਗੰਦਗੀ ਤੇ ਸਿਹਤ ਸਬੰਧੀ ਖ਼ਤਰਿਆਂ ਨਾਲ ਜੂਝਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਸਮੇਂ ਸਿਰ ਮੁਲਾਜ਼ਮਾਂ ਨਾਲ ਗੱਲ ਕਰਕੇ ਹੱਲ ਕੱਢ ਲੈਂਦੇ, ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਜਨਤਾ ਵਿੱਚ ਸਰਕਾਰ ਤੇ ਨਿਗਮ ਪ੍ਰਤੀ ਭਾਰੀ ਨਾਰਾਜ਼ਗੀ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ। ਸਿੰਗਲਾ ਨੇ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਨਿਗਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਪਸ਼ਟ ਬਹੁਮਤ ਮਿਲੇਗਾ ਅਤੇ ਭਾਜਪਾ ਸ਼ਹਿਰ ਦੇ ਹਰ ਬਕਾਇਆ ਮਸਲੇ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਸਫਾਈ ਵਿਵਸਥਾ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲਾ ਪਾਣੀ ਅਤੇ ਸ਼ਹਿਰ ਦੇ ਸਮੂਹਿਕ ਵਿਕਾਸ ਨੂੰ ਲੈ ਕੇ ਭਾਜਪਾ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸਫ਼ਾਈ ਵਿਭਾਗ ਦੇ ਮੁਲਾਜ਼ਮ ਯੂਨੀਅਨ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੇ ਹਿੱਤ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਹੜਤਾਲ ਖਤਮ ਕਰਨ ਬਾਰੇ ਵਿਚਾਰ ਕਰਨ। ਇਸ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਤੁਰੰਤ ਦਖਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕੱਢਣ ਅਤੇ ਨਿਗਮ ਦੀਆਂ ਨਾਕਾਮੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਫਾਈ ਕਾਮਿਆਂ ਦੀਆਂ ਮੰਗਾਂ ਤਰੁੰਤ ਮੰਨੀਆਂ ਜਾਣ।