ਪਾਬੰਦੀਸ਼ੁਦਾ ਪਦਾਰਥਾਂ ਤੇ ਲੱਖਾਂ ਦੀ ਡਰੱਗ ਮਨੀ ਸਣੇ 5 ਕਾਬੂ
ਨਸ਼ੀਲੇ ਪਦਾਰਥਾਂ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਕਾਬੂ
Publish Date: Mon, 11 May 2026 04:26 PM (IST)
Updated Date: Tue, 12 May 2026 04:03 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹੈਰੋਇਨ, ਨਸ਼ੀਲੇ ਕੈਪਸੂਲ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਣੇ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਕੁੱਲ 113.05 ਗ੍ਰਾਮ ਹੈਰੋਇਨ, 225 ਨਸ਼ੀਲੇ ਕੈਪਸੂਲ ਅਤੇ 7 ਲੱਖ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਥਾਣਾ ਥਰਮਲ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਇਲਾਕੇ ’ਚ ਗਸ਼ਤ ਦੌਰਾਨ ਵਿਕਰਮਜੀਤ ਸਿੰਘ ਵਾਸੀ ਆਦਰਸ਼ ਨਗਰ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਤੇ 7 ਲੱਖ 15 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਕਥਿਤ ਦੋਸ਼ੀ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਪਤਾ ਲਾਇਆ ਜਾ ਸਕੇ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਮਹਿਣਾ ਬਸਤੀ ਦੇ ਮੇਨ ਰੋਡ ਤੋਂ ਸੁਖਪਾਲ ਸਿੰਘ ਵਾਸੀ ਮਹਿਣਾ ਬਸਤੀ ਨੂੰ ਕਾਬੂ ਕਰਕੇ ਉਸ ਕੋਲੋਂ 225 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਕੇ ਜਮਾਨਤ ਤੇ ਰਿਹਾ ਕਰ ਦਿੱਤਾ ਗਿਆ ਹੈ। ਇਕ ਹੋਰ ਮਾਮਲੇ ’ਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਿਆਲਪੁਰਾ ਭਾਈਕਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਜਲਾਲ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.05 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚਾਉਕੇ ਨੇੜੇ ਕਮਲਦੀਪ ਸਿੰਘ ਵਾਸੀ ਖੋਖਰ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਦੂਜੇ ਪਾਸੇ ਥਾਣਾ ਮੌੜ ਦੀ ਪੁਲਿਸ ਨੇ ਪਿੰਡ ਰਾਮਨਗਰ ’ਚ ਗਸ਼ਤ ਦੌਰਾਨ ਕ੍ਰਿਸ਼ਨਵੀਰ ਵਾਸੀ ਰਾਮਨਗਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਆਧਾਰ ’ਤੇ ਕਥਿਤ ਦੋਸ਼ੀ ਖਿਲਾਫ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।