ਪੰਜਾਬ 'ਚ ਧਮਾਕਿਆਂ ਤੋਂ ਬਾਅਦ ਬਠਿੰਡਾ 'ਚ ਹਾਈ ਅਲਰਟ, ਪੁਲਿਸ ਨੇ ਵਿੱਢਿਆ ਸਰਚ ਆਪ੍ਰੇਸ਼ਨ, ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ’ਤੇ ਨਾਕਾਬੰਦੀ

-ਪੁਲਿਸ ਨੇ ਵਿੱਢਿਆ ਸਰਚ ਆਪ੍ਰੇਸ਼ਨ, ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ’ਤੇ ਕੀਤੀ ਨਾਕਾਬੰਦੀ
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ
ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਕਾਮਿਆਂ ਤੋਂ ਬਾਅਦ ਪੰਜਾਬ ਭਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਕਾਰਨ ਬਠਿੰਡਾ ਜ਼ਿਲ੍ਹਾ ਪੁਲਿਸ ਵੀ ਹਾਈ ਅਲਰਟ ’ਤੇ ਆ ਗਈ ਹੈ। ਜ਼ਿਲ੍ਹੇ ਅੰਦਰ ਵੱਖ-ਵੱਖ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਬੁੱਧਵਾਰ ਨੂੰ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਜਨਤਕ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਡੂੰਘਾਈ ਨਾਲ ਚੈਕਿੰਗ ਕੀਤੀ। ਜ਼ਿਲ੍ਹੇ ਨੂੰ ਆਉਣ ਵਾਲੀਆਂ ਸੜਕਾਂ ਤੇ ਹੋਰ ਰਸਤਿਆਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ’ਤੇ ਖ਼ਾਸ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।
ਜ਼ਿਲ੍ਹੇ ਨਾਲ ਲੱਗਦੀ ਹਰਿਆਣਾ ਦੀ ਸਰਹੱਦ ’ਤੇ ਵੀ ਹੋਰ ਚੌਂਕਸੀ ਵਧਾ ਦਿੱਤੀ ਗਈ ਹੈ ਅਤੇ ਇੱਥੇ ਵਿਸ਼ੇਸ਼ ਨਾਕਬੰਦੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ’ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬੰਬ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਬਠਿੰਡਾ ਜ਼ਿਲ੍ਹਾ ਰਣਨੀਤਿਕ ਤੌਰ ’ਤੇ ਵੀ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇੱਥੇ ਫੌਜੀ ਛਾਉਣੀ, ਏਅਰ ਫੋਰਸ ਸਟੇਸ਼ਨ, ਬੀਐਸਐਫ, ਤੇਲ ਡਿਪੂ, ਰਿਫ਼ਾਈਨਰੀ, ਥਰਮਲ ਪਲਾਂਟ ਅਤੇ ਐਨਐਫਐਲ ਵਰਗੀਆਂ ਅਹਿਮ ਇਕਾਈਆਂ ਸਥਿਤ ਹਨ। ਪੁਲਿਸ ਇਨ੍ਹਾਂ ਅਦਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਜ਼ਿਲ੍ਹਾ ਪੁਲਿਸ ਵੱਲੋਂ ਇਨ੍ਹਾਂ ਅਦਾਰਿਆਂ ਦੀ ਸੁਰੱਖਿਆ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਠਿੰਡਾ ਇਕ ਮਹੱਤਵਪੂਰਨ ਰੇਲਵੇ ਜੰਕਸ਼ਨ ਵੀ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ, ਕਿਉਂਕਿ ਸ਼ੰਭੂ ਵਿਚ ਰੇਲਵੇ ਟਰੈਕ ਨੂੰ ਹੀ ਬੰਬ ਨਾਲ ਉਡਾਇਆ ਗਿਆ ਸੀ।
ਬਠਿੰਡਾ ਵਿਚ ਰੇਲਵੇ ਸਟੇਸ਼ਨ ਨੂੰ ਨਿਸ਼ਾਨਾਂ ਬਣਾਉਣ ਦੀ ਸਰਾਰਤੀ ਅਨਸਰਾਂ ਵੱਲੋਂ ਹੀ ਈਮੇਲ ਰਾਹੀ ਧਮਕੀ ਦਿੱਤੀ ਜਾ ਚੁੱਕੀ ਹੈ। ਪੁਲਿਸ ਨੇ ਬੁੱਧਵਾਰ ਨੂੰ ਖੋਜੀ ਕੁੱਤਿਆਂ ਦਾ ਸਹਾਰਾ ਵੀ ਲਿਆ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਹੀ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਸਾਮਾਜਿਕ ਤੱਤਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹੁਣ ਸੁਰੱਖਿਆ ਕਾਰਨਾਂ ਕਰਕੇ ਇਨ੍ਹਾਂ ਕਾਰਵਾਈਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਐੱਸਐੱਸਪੀ ਬਠਿੰਡਾ ਡਾ. ਜੋਤੀ ਯਾਦਵ ਬੈਂਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਸਾਰੀਆਂ ਸੁਰੱਖਿਆ ਏਜੰਸੀਆਂ ਆਪਸੀ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਥਾਂ ਸ਼ੱਕੀ ਗਤੀਵਿਧੀ ਜਾਂ ਕੋਈ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਉਸਨੂੰ ਖੁਦ ਹੱਥ ਨਾ ਲਾਇਆ ਜਾਵੇ। ਬਠਿੰਡਾ ਪੁਲਿਸ ਪਹਿਲਾਂ ਅਜਿਹੇ ਕੇਸਾਂ ਵਿਚ ਰਹੇ ਲੋਕਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ।