ਰਾਮਾ ਮੰਡੀ ’ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ, 15 ਵਿੱਚੋਂ 13 ਵਾਰਡਾਂ ‘ਤੇ ਕੀਤਾ ਕਬਜ਼ਾ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾਂ ਮੰਡੀ : ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ 15 ਵਿੱਚੋਂ 13 ਵਾਰਡਾਂ ‘ਤੇ ਕਬਜ਼ਾ ਕਰ ਲਿਆ ਹੈ। ਚੋਣ ਨਤੀਜਿਆਂ ਤੋਂ ਬਾਅਦ ਰਾਮਾ ਮੰਡੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ। ਚੋਣ ਨਤੀਜਿਆਂ ਤੋਂ ਬਾਅਦ ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਇਸਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ‘ਤੇ ਭਰੋਸਾ ਜਤਾਉਂਦਿਆਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਅਤੇ ਲੋਕਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਈ ਹੈ। ਰਾਮਾ ਮੰਡੀ ਨਗਰ ਕੌਂਸਲ ਦੇ ਕੁੱਲ 15 ਵਾਰਡਾਂ ਵਿੱਚੋਂ 2 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਘੋਸ਼ਿਤ ਹੋ ਚੁੱਕੇ ਸਨ, ਜਦਕਿ ਬਾਕੀ 13 ਵਾਰਡਾਂ ਲਈ ਚੋਣ ਹੋਈ ਸੀ। ਇਨ੍ਹਾਂ 13 ਵਾਰਡਾਂ ਵਿੱਚ ਕੁੱਲ 68 ਉਮੀਦਵਾਰ ਮੈਦਾਨ ਵਿੱਚ ਸਨ। ‘ਆਪ’ ਨੇ 13 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਸਨ, ਜਿਨ੍ਹਾਂ ਵਿੱਚੋਂ 11 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਇੱਕ ਉਮੀਦਵਾਰ ਸ੍ਰੋਮਣੀ ਅਕਾਲੀ ਦਲ ਅਤੇ ਇੱਕ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ।
ਇਸੇ ਤਰ੍ਹਾਂ ਕੁੱਲ 15 ਵਿੱਚੋਂ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਮਜ਼ਬੂਤ ਪਕੜ ਬਣਾਈ। ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਰਾਮਾ ਮੰਡੀ ਦੇ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਭ ਤੋਂ ਵੱਡੇ ਮੁੱਦੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਰਾਮਾ ਮੰਡੀ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮਿਲ ਸਕਣ। ਇਸ ਮੌਕੇ ਵਾਰਡ ਨੰਬਰ 12 ਤੋਂ ‘ਆਪ’ ਦੀ ਜੇਤੂ ਉਮੀਦਵਾਰ ਸ਼ਿਵਾਨੀ ਗੋਇਲ ਨੇ ਵੀ ਖੁਸ਼ੀ ਜਤਾਈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਸਿਰਫ ਇਕ ਵੋਟ ਦੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਪਰ ਇਸ ਵਾਰ ਲੋਕਾਂ ਨੇ ਉਨ੍ਹਾਂ ‘ਤੇ ਵਿਸ਼ਵਾਸ ਜਤਾਉਂਦਿਆਂ 112 ਵੋਟਾਂ ਦੇ ਵੱਡੇ ਮਾਰਜਨ ਨਾਲ ਜਿਤਾਇਆ ਹੈ। ਉਨ੍ਹਾਂ ਇਸ ਜਿੱਤ ਦਾ ਸਿਹਰਾ ਵਾਰਡ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਰਹਿਨੁਮਾਈ ਨੂੰ ਦਿੱਤਾ।
ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਵਾਰਡ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਤੇ ਜਥੇਦਾਰ ਦਰਸ਼ਨ ਸਿੰਘ (ਪਿਤਾ ਵਿਧਾਇਕਾ), ਸੁਖਰਾਜ ਸਿੰਘ ਬੱਲ, ਉਦੇਵੀਰ ਸਿੰਘ ਜਗਾਰਾਮ, ਚੌਧਰੀ ਜਸਵਿੰਦਰ ਕੌਰ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਰਾਮਾ ਮੰਡੀ, ਨਵਦੀਪ ਸਿੰਘ ਗੋਲਡੀ, ਚਿੰਟੂ ਜਿੰਦਲ, ਕੁਲਵੰਤ ਸਿੰਘ ਸੀਂਗੋ, ਬਲਜਿੰਦਰ ਸਿੰਘ ਬਹਿਮਨ, ਰੇਸ਼ਮ ਸਿੰਘ ਜੈਲਦਾਰ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।