ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 'ਚ 181 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਅੱਜ ਗੁਰੂ ਕਾਂਸ਼ੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਮੇਤ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸਿੱਖ ਇਤਿਹਾਸ ਸਰਵਣ ਕਰਵਾਇਆ ਅਤੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰਮਤਿ ਮਰਯਾਦਾ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 181 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਸਿੱਖੀ ਸਰੂਪ ਧਾਰਨ ਕੀਤਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਅੰਮ੍ਰਿਤ ਅਭਿਲਾਖੀਆਂ ਨੂੰ ਗੁਰੂ ਲੜ ਲੱਗਣ 'ਤੇ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨ 'ਤੇ ਡੂੰਘੀ ਚਿੰਤਾ ਅਤੇ ਸਖ਼ਤ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ, "ਸਰਕਾਰ ਇਸ ਨਵੇਂ ਐਕਟ ਰਾਹੀਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਸਿੱਧੇ ਤੌਰ 'ਤੇ ਅਣਚਾਹੀ ਦਖਲਅੰਦਾਜ਼ੀ ਕਰ ਰਹੀ ਹੈ। ਗ੍ਰੰਥੀ ਸਿੰਘਾਂ, ਰਾਗੀਆਂ, ਪ੍ਰਚਾਰਕਾਂ ਅਤੇ ਪ੍ਰਬੰਧਕ ਕਮੇਟੀਆਂ 'ਤੇ ਗੈਰ-ਵਾਜਬ ਪ੍ਰਸ਼ਾਸਨਿਕ ਦਬਾਅ ਪਾਇਆ ਜਾ ਰਿਹਾ ਹੈ, ਜੋ ਕਿ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ।"
ਸਿੰਘ ਸਾਹਿਬ ਨੇ ਸਰਕਾਰ ਦੇ ਪੱਖਪਾਤੀ ਰਵੱਈਏ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਕੁੱਝ ਮਦਾਂ ਸਿੱਖਾਂ ਨੂੰ ਗੁਰਬਾਣੀ ਅਤੇ ਆਪਣੇ ਮੂਲ ਨਾਲੋਂ ਤੋੜਨ ਵਾਲੀਆਂ ਹਨ। 'ਕਸਟੋਡੀਅਨ ਮਤ' ਦੀ ਆੜ ਵਿੱਚ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਜਾਂ ਸਹਿਜ ਪਾਠ ਸਾਹਿਬ ਦੀਆਂ ਜ਼ਿੰਮੇਵਾਰੀਆਂ ਤੈਅ ਕਰਕੇ ਸੰਗਤ ਅੰਦਰ ਬੇਲੋੜਾ ਖੌਫ਼ ਪੈਦਾ ਕੀਤਾ ਜਾ ਰਿਹਾ ਹੈ। ਇਸੇ ਡਰ ਕਾਰਨ ਸ਼ਰਧਾਲੂ ਆਪਣੇ ਘਰਾਂ ਵਿੱਚੋਂ ਪਵਿੱਤਰ ਪੋਥੀਆਂ ਅਤੇ ਗੁਟਕਾ ਸਾਹਿਬ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾ ਕਰਵਾ ਰਹੇ ਹਨ। ਇਹ ਰੁਝਾਨ ਘਰ-ਘਰ ਬਾਣੀ ਪਹੁੰਚਾਉਣ ਦੇ ਸਿੱਖੀ ਦੇ ਮਿਸ਼ਨ ਲਈ ਇੱਕ ਵੱਡੀ ਚੁਣੌਤੀ ਹੈ ਅਤੇ ਸਰਕਾਰ ਅਸਿੱਧੇ ਤਰੀਕੇ ਨਾਲ ਸਿੱਖਾਂ ਨੂੰ ਗੁਰਬਾਣੀ ਤੋਂ ਦੂਰ ਕਰ ਰਹੀ ਹੈ।
ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਇਸ 'ਦ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਵਿੱਚ ਦਰਜ ਸਿੱਖ ਵਿਰੋਧੀ ਮਦਾਂ (ਧਾਰਾਵਾਂ) ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਵਿਖੇ ਇਕ ਵਿਸ਼ੇਸ਼ ਪੰਥਕ ਕਾਨਫਰੰਸ ਬੁਲਾਈ ਗਈ ਹੈ। ਉਨ੍ਹਾਂ ਨੇ ਸਮੂਹ ਸਿੱਖ ਸੰਗਤ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਪੰਥਕ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਇੱਕਜੁੱਟ ਹੋ ਕੇ ਇਸ ਕਾਨਫਰੰਸ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ, ਤਾਂ ਜੋ ਸਰਕਾਰ ਦੇ ਸਿੱਖ ਵਿਰੋਧੀ ਮਨਸੂਬਿਆਂ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾ ਸਕੇ।
ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਤੇ ਗੁਰਸੇਵਕ ਸਿੰਘ ਵੀ ਹਾਜ਼ਰ ਸਨ। ਧਾਰਮਿਕ ਸ਼ਖ਼ਸੀਅਤਾਂ ਮੁੱਖ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਗਿਆਨੀ ਆਲਮ ਸਿੰਘ, ਗਿਆਨੀ ਗੁਰਜੰਟ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਤੇ ਸੰਗਤ ਹਾਜ਼ਰ ਸੀ।