ਜਬਰ ਜ਼ੁਲਮ ਖ਼ਿਲਾਫ਼ ਕਿਸਾਨਾਂ ਨੇ ਫੂਕੇ ਪੁਤਲੇ
ਜਬਰ ਜ਼ੁਲਮ ਖਿਲਾਫ ਕਿਸਾਨਾਂ ਨੇ ਸਾੜੇ ਪੁਤਲੇ ਫੂਕੇ
Publish Date: Mon, 18 May 2026 04:50 PM (IST)
Updated Date: Tue, 19 May 2026 04:04 AM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਚ ਪਾਣੀਆਂ ਦੇ ਮਸਲੇ ਸਬੰਧੀ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ’ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਤੇ ਲਾਠੀਚਾਰਜ ਕੀਤੇ ਜਾਣ ਦੇ ਵਿਰੋਧ ਵਿੱਚ ਭੁੱਚੋ ਮੰਡੀ ਵਿਖੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਜਗਜੀਤ ਸਿੰਘ ਅਤੇ ਸਿਮਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਅਤੇ ਗੁਰਦਾਸ ਸਿੰਘ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਅਤੇ ਰਾਜ ਸਰਕਾਰਾਂ ਹਰ ਰੋਜ਼ ਜਮਹੂਰੀਅਤ ਦੀਆਂ ਗੱਲਾਂ ਕਰਦੀਆਂ ਹਨ ਅਤੇ ਦਾਅਵਾ ਕਰਦੀਆਂ ਹਨ ਕਿ ਭਾਰਤ ਇਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ।
ਦੂਜੇ ਪਾਸੇ ਜਦੋਂ ਕਿਸਾਨ ਅਤੇ ਮਜ਼ਦੂਰ ਵਰਗ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਆਵਾਜ਼ ਉਠਾਉਂਦੇ ਹਨ ਤਾਂ ਸਰਕਾਰਾਂ ਦੀ ਸ਼ਹਿ ’ਤੇ ਪੁਲਿਸ ਵੱਲੋਂ ਉਨ੍ਹਾਂ ’ਤੇ ਜਬਰ ਕੀਤਾ ਜਾਂਦਾ ਹੈ। ਬੁਲਾਰਿਆਂ ਨੇ ਕਿਹਾ ਕਿ ਕੱਲ੍ਹ ਜਦੋਂ ਕਿਸਾਨ ਪਾਣੀਆਂ ਦੇ ਮਸਲੇ ਸਬੰਧੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਗਵਰਨਰ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ’ਤੇ ਪਾਣੀ ਦੀਆਂ ਤੇਜ਼ ਬੁਛਾੜਾਂ ਕੀਤੀਆਂ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕੀਤਾ ਗਿਆ ਇਹ ਵਿਵਹਾਰ ਨਿੰਦਣਯੋਗ ਹੈ ਤੇ ਇਸ ਦੇ ਵਿਰੋਧ ਵਜੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਰੋਸ ਤਹਿਤ ਭੁੱਚੋ ਮੰਡੀ ਵਿੱਚ ਵੀ ਪ੍ਰਧਾਨ ਮੰਤਰੀ ਮੋਦੀ ਤੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਭਵਿੱਖ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਛੱਤਰ ਸਿੰਘ, ਪੱਪੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।