ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਸਿਲਸਿਲਾ ਸ਼ੁਰੂ, ਅੱਗ ਨਾਲ ਸਰਹਿੰਦ ਨਹਿਰ ਕਿਨਾਰੇ ਸੈਂਕੜੇ ਦਰੱਖਤ ਸੜੇ

-ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਹਰਿਆਵਲ ਨੂੰ ਵੀ ਪੁੱਜ ਰਿਹੈ ਨੁਕਸਾਨ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕਣਕ ਦੀ ਵਾਢੀ ਤੋਂ ਬਾਅਦ ਖੇਤਾਂ ਵਿਚ ਬਚੀ ਖੁਚੀ ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ਮੁੜ ਸਾਹਮਣੇ ਆਉਣ ਲੱਗੇ ਹਨ। ਕਿਸਾਨਾਂ ਵੱਲੋਂ ਖੇਤ ਸਾਫ਼ ਕਰਨ ਲਈ ਲਗਾਈਆਂ ਜਾ ਰਹੀਆਂ ਅੱਗਾਂ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਸਰਕਾਰੀ ਜ਼ਮੀਨਾਂ, ਨਹਿਰਾਂ ਦੇ ਕਿਨਾਰਿਆਂ ਅਤੇ ਛੋਟੇ ਰੁੱਖਾਂ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਤਾਜ਼ਾ ਮਾਮਲਾ ਸਰਹੰਦ ਨਹਿਰ ਦੀ ਬਠਿੰਡਾ ਬਰਾਂਚ ਨੇੜੇ ਸਾਹਮਣੇ ਆਇਆ ਹੈ, ਜਿੱਥੇ ਇਕ ਖੇਤ ਵਿਚ ਲਗਾਈ ਗਈ ਅੱਗ ਨੇ ਨੇੜਲੇ ਜੰਗਲੀ ਜਖ਼ੀਰੇ ਤੇ ਰੁੱਖਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਾਣਕਾਰੀ ਅਨੁਸਾਰ ਕਿਸੇ ਕਿਸਾਨ ਵੱਲੋਂ ਕਣਕ ਦੀ ਕਟਾਈ ਮਗਰੋਂ ਖੇਤ ਵਿਚ ਬਚੀ ਨਾੜ ਅਤੇ ਪਰਾਲੀ ਨੂੰ ਅੱਗ ਲਗਾਈ ਸੀ। ਹਵਾ ਤੇਜ਼ ਹੋਣ ਕਾਰਨ ਅੱਗ ਨੇ ਤੁਰੰਤ ਭਿਆਨਕ ਰੂਪ ਧਾਰ ਲਿਆ ਅਤੇ ਸਰਹਿੰਦ ਨਹਿਰ ਦੇ ਨਾਲ ਲੱਗਦੇ ਜਖ਼ੀਰੇ ਤਕ ਪਹੁੰਚ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਇਲਾਕੇ ਦੇ ਵੱਡੇ ਹਿੱਸੇ ਨੂੰ ਆਪਣੀ ਚਪੇਟ ਵਿਚ ਲੈ ਲਿਆ, ਜਿਸ ਕਾਰਨ ਉੱਥੇ ਲਗੇ ਛੋਟੇ ਦਰੱਖਤ ਅਤੇ ਬੂਟੇ ਬੁਰੀ ਤਰ੍ਹਾਂ ਸੜ ਗਏ, ਜਦਕਿ ਵੱਡੇ ਰੁੱਖਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਨਹਿਰ ਕਿਨਾਰੇ ਜੰਗਲਾਤ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਵਾਤਾਵਰਨ ਸੁਧਾਰ ਅਤੇ ਹਰਿਆਵਲ ਵਧਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਏ ਗਏ ਸਨ। ਇਨ੍ਹਾਂ ਬੂਟਿਆਂ ਦੀ ਦੇਖਭਾਲ ਲਈ ਕਾਫੀ ਮਿਹਨਤ ਕੀਤੀ ਗਈ ਸੀ, ਪਰ ਹੁਣ ਖੇਤਾਂ ਵਿਚ ਲੱਗ ਰਹੀਆਂ ਅੱਗਾਂ ਕਾਰਨ ਇਹ ਸਾਰੀ ਮਿਹਨਤ ਸੜ ਕੇ ਸੁਆਹ ਹੋ ਰਹੀ ਹੈ। ਲੋਕਾਂ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਰਿਹਾ ਤਾਂ ਨਹਿਰਾਂ ਕੰਢੇ ਬਣਾਈ ਹਰਿਆਵਲ ਖਤਮ ਹੋ ਸਕਦੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਧੂੰਏਂ ਦੇ ਗੁਬਾਰ ਛਾ ਗਏ, ਜਿਸ ਨਾਲ ਆਵਾਜਾਈ ਕਰਨ ਵਾਲਿਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਧੂੰਏਂ ਕਾਰਨ ਵਾਤਾਵਰਨ ਹੋਰ ਪ੍ਰਦੂਸ਼ਿਤ ਹੋ ਗਿਆ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੀ ਮੁਸ਼ਕਲਾਂ ਵਧ ਗਈਆਂ ਹਨ।
ਮਾਹਿਰਾਂ ਅਨੁਸਾਰ ਪਰਾਲੀ ਸਾੜਨ ਨਾਲ ਹਵਾ ਵਿੱਚ ਜ਼ਹਿਰੀਲੇ ਤੱਤ ਫੈਲਦੇ ਹਨ, ਜੋ ਮਨੁੱਖੀ ਸਿਹਤ ਲਈ ਘਾਤਕ ਸਾਬਤ ਹੋ ਸਕਦੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਹਰ ਸਾਲ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਇਸ ਦੇ ਬਾਵਜੂਦ ਸਬੰਧਤ ਵਿਭਾਗਾਂ ਵੱਲੋਂ ਢੁੱਕਵੇਂ ਕਦਮ ਨਹੀਂ ਚੁੱਕੇ ਜਾਂਦੇ। ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਸਹੂਲਤਾਂ ਦੇਣ ਦੀ ਲੋੜ ਹੈ, ਤਾਂ ਜੋ ਉਹ ਅੱਗ ਲਗਾਉਣ ਦੀ ਬਜਾਏ ਹੋਰ ਵਿਕਲਪ ਅਪਣਾ ਸਕਣ।
ਜੰਗਲਾਤ ਵਿਭਾਗ ਅਤੇ ਪ੍ਰਸ਼ਾਸਨ ਲਈ ਵੀ ਇਹ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਕਿ ਸਰਕਾਰੀ ਖਰਚੇ ਨਾਲ ਲਗਾਏ ਜਾ ਰਹੇ ਪੌਦੇ ਇਸ ਤਰ੍ਹਾਂ ਅੱਗ ਦੀ ਭੇਟ ਚੜ੍ਹ ਰਹੇ ਹਨ। ਜੇਕਰ ਸਮੇਂ ਸਿਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਵਾਤਾਵਰਨ ਤੇ ਹਰਿਆਵਲ ਨੂੰ ਹੋਰ ਵੱਡਾ ਨੁਕਸਾਨ ਪਹੁੰਚ ਸਕਦਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਹਿਰਾਂ, ਸੜਕਾਂ ਅਤੇ ਜੰਗਲਾਤ ਵਾਲੇ ਖੇਤਰਾਂ ਦੇ ਨੇੜੇ ਖੇਤਾਂ ਵਿਚ ਖ਼ਾਸ ਨਿਗਰਾਨੀ ਰੱਖੀ ਜਾਵੇ।