ਨਾੜ ਸਾੜਨ ਵਾਲੇ ਕਿਸਾਨਾਂ ’ਤੇ ਪੁਲਿਸ ਵੱਲੋਂ ਪਹਿਲਾ ਪਰਚਾ ਦਰਜ
ਨਾੜ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਰਕਾਰ ਸਖ਼ਤ, ਬਠਿੰਡਾ ਪੁਲਿਸ ਨੇ ਪਹਿਲਾ ਪਰਚਾ ਕੀਤਾ ਦਰਜ
Publish Date: Fri, 08 May 2026 06:02 PM (IST)
Updated Date: Sat, 09 May 2026 04:09 AM (IST)

-ਪੁਲਿਸ ਪ੍ਰਸ਼ਾਸਨ ਵੱਲੋਂ ਨਾੜ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦੇ ਦਿੱਤੇ ਸੰਕੇਤ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਪਰਾਲੀ ਤੇ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸੇ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪਹਿਲਾ ਮਾਮਲਾ ਦਰਜ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਿਚ ਨਾੜ ਸਾੜਨ ਦੇ ਮਾਮਲੇ ਵਿਚ ਇਕ ਕਿਸਾਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਕਲਸਟਰ ਅਫ਼ਸਰ ਤੇ ਨਿਗਮ ਇੰਜੀਨੀਅਰ ਰਾਜਿੰਦਰ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਉਸਨੇ ਸ਼ਿਕਾਇਤ ਦਿੱਤੀ ਕਿ ਪਿੰਡ ਕਲਿਆਣ ਸੁੱਖਾ ਦੇ ਖੇਤਾਂ ਵਿੱਚ ਕਿਸੇ ਵਿਅਕਤੀ ਵੱਲੋਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਿਆਂ ਕਣਕ ਦੇ ਬਚੇ-ਖੁਚੇ ਨਾੜ ਨੂੰ ਅੱਗ ਲਗਾਈ ਗਈ ਹੈ। ਇਸ ਕਾਰਨ ਵਾਤਾਵਰਨ ਨੂੰ ਨੁਕਸਾਨ ਪੁੱਜਣ ਦੇ ਨਾਲ-ਨਾਲ ਨੇੜਲੇ ਖੇਤਰਾਂ ਵਿੱਚ ਧੂੰਏਂ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਦੀ ਪਛਾਣ ਕਰਨ ਲਈ ਇਲਾਕੇ ’ਚ ਪੁੱਛਗਿੱਛ ਜਾਰੀ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਿਸ ਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਕਿਉਂਕਿ ਹਰ ਸਾਲ ਨਾੜ ਸਾੜਨ ਕਾਰਨ ਹਵਾ ਪ੍ਰਦੂਸ਼ਣ ’ਚ ਵੱਡਾ ਵਾਧਾ ਹੁੰਦਾ ਹੈ। ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਨਾੜ ਦੀ ਸੰਭਾਲ ਲਈ ਵੱਖ-ਵੱਖ ਤਕਨੀਕੀ ਸਹੂਲਤਾਂ ਅਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕੁਝ ਥਾਵਾਂ ’ਤੇ ਨਾੜ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕੀਤਾ ਹੈ। ਭਾਕਿਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਬਜਾਏ ਉਨ੍ਹਾਂ ’ਤੇ ਕੇਸ ਦਰਜ ਕਰਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਨਾੜ ਦੀ ਸੰਭਾਲ ਲਈ ਲੁੜੀਂਦੀ ਮਸ਼ੀਨਰੀ ਹਰ ਕਿਸਾਨ ਦੀ ਪਹੁੰਚ ਵਿੱਚ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਸਹੂਲਤਾਂ ਪ੍ਰਦਾਨ ਕਰਨ ’ਤੇ ਧਿਆਨ ਦੇਵੇ, ਨਾ ਕਿ ਉਨ੍ਹਾਂ ਨੂੰ ਅਪਰਾਧੀਆਂ ਵਾਂਗ ਟ੍ਰੀਟ ਕੀਤਾ ਜਾਵੇ। ਸਰੂਪ ਸਿੰਘ ਰਾਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਖ਼ਿਲਾਫ਼ ਇਸ ਤਰ੍ਹਾਂ ਦੇ ਕੇਸ ਦਰਜ ਕਰਨ ਦਾ ਸਿਲਸਿਲਾ ਜਾਰੀ ਰਿਹਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਪ੍ਰਸ਼ਾਸਨ ਨੇ ਨਾੜ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ।