ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

-ਕਿਹਾ, ਨਸ਼ਾ ਤਸਕਰੀ ’ਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਮੁਹਿੰਮ ਚਲਾਈ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਠਿਕਾਣਿਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਅਤੇ ਕਈ ਥਾਵਾਂ ’ਤੇ ਗਹਿਰਾਈ ਨਾਲ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਅਭਿਆਨ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ, ਗੈਰ-ਕਾਨੂੰਨੀ ਸਰਗਰਮੀਆਂ ਤੇ ਅਪਰਾਧ ’ਤੇ ਰੋਕ ਲਗਾਉਣਾ ਹੈ। ਮੁਹਿੰਮ ਦੌਰਾਨ ਥਾਣਾ ਪੱਧਰ ’ਤੇ ਬਣਾਈਆਂ ਗਈਆਂ ਪੁਲਿਸ ਟੀਮਾਂ ਨੇ ਵੱਖ-ਵੱਖ ਇਲਾਕਿਆਂ ’ਚ ਪਹੁੰਚ ਕੇ ਸ਼ੱਕੀ ਲੋਕਾਂ ਨਾਲ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਰਿਕਾਰਡ ਵੀ ਚੈੱਕ ਕੀਤੇ। ਕਈ ਥਾਵਾਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲੈਣ ਦੇ ਨਾਲ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਵਿਅਕਤੀਆਂ ’ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਜਾਂ ਹੋਰ ਅਪਰਾਧਕ ਮਾਮਲੇ ਦਰਜ ਹਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਬਠਿੰਡਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕਿਸੇ ਤਰ੍ਹਾਂ ਦੀ ਨਸ਼ਾ ਤਸਕਰੀ ਜਾਂ ਸ਼ੱਕੀ ਸਰਗਰਮੀ ਹੋ ਰਹੀ ਹੋਵੇ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਨੇ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਪੁਲਿਸ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਤਸਕਰੀ ਅਤੇ ਅਪਰਾਧ ’ਤੇ ਪ੍ਰਭਾਵਸ਼ਾਲੀ ਕਾਬੂ ਪਾਇਆ ਜਾ ਸਕਦਾ ਹੈ।
-ਬਾਕਸ-
-ਨਾਕੇਬੰਦੀ ਕਰਕੇ ਵਾਹਨਾਂ ਦੀ ਕੀਤੀ ਜਾਂਚ
ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਮੁੱਖ ਮਾਰਗਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਅਭਿਆਨ ਅਪਰਾਧਾਂ ’ਤੇ ਕਾਬੂ ਪਾਉਣ, ਨਸ਼ਾ ਤਸਕਰੀ ਰੋਕਣ ਅਤੇ ਅਸਾਮਾਜਿਕ ਤੱਤਾਂ ’ਤੇ ਨਜ਼ਰ ਰੱਖਣ ਲਈ ਚਲਾਇਆ ਜਾ ਰਿਹਾ ਹੈ। ਅਭਿਆਨ ਦੌਰਾਨ ਪੁਲਿਸ ਕਰਮਚਾਰੀਆਂ ਵੱਲੋਂ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਹਨ ਚਾਲਕਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਦੇ ਮਾਮਲੇ ਵਿਚ ਤੁਰੰਤ ਪੁੱਛਗਿੱਛ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਇਸੇ ਮਕਸਦ ਨਾਲ ਦਿਨ ਅਤੇ ਰਾਤ ਦੋਵੇਂ ਸਮਿਆਂ ਦੌਰਾਨ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਜਾਰੀ ਰੱਖਿਆ ਗਿਆ ਹੈ।
ਪੁਲਿਸ ਨੇ ਕਿਹਾ ਕਿ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਤੇ ਇਸ ਲਈ ਹਰ ਲੁੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਜਾਂਚ ਦੌਰਾਨ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ। ਪੁਲਿਸ ਨੇ ਕਿਹਾ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਬਠਿੰਡਾ ਪੁਲਿਸ ਨੇ ਦੁਹਰਾਇਆ ਕਿ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ। ਭਵਿੱਖ ’ਚ ਵੀ ਇਸ ਤਰ੍ਹਾਂ ਦੇ ਵਿਸ਼ੇਸ਼ ਅਭਿਆਨ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹੇ ਵਿੱਚ ਅਪਰਾਧ ’ਤੇ ਪ੍ਰਭਾਵਸ਼ਾਲੀ ਕੰਟਰੋਲ ਬਣਿਆ ਰਹੇ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇ।