ਠੇਕਾ ਮੁਲਾਜ਼ਮਾਂ ਨੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ
ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ
Publish Date: Fri, 08 May 2026 04:52 PM (IST)
Updated Date: Sat, 09 May 2026 04:06 AM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਲਹਿਰਾ ਮੁਹੱਬਤ ਸਥਿਤ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ 9 ਅਤੇ 10 ਮਈ ਨੂੰ ਹੋਣ ਵਾਲੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ ਗਈ। ਇਹ ਰੈਲੀ ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਕੀਤੀ ਗਈ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਹਰਦੀਪ ਤੱਗੜ, ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੱਤਾ ਵਿਚ ਆਈ ‘ਆਪ’ ਦੀ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਵਾਂਗ ਠੇਕਾ ਮੁਲਾਜ਼ਮਾਂ ਨੂੰ ਸਿਰਫ਼ ਲਾਰੇ-ਲੱਪਿਆਂ ’ਚ ਰੱਖਿਆ ਹੋਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਸ਼ੋਸ਼ਣ ਪ੍ਰਥਾ ਖਤਮ ਕਰਨ ਦੇ ਐਲਾਨ ਦੇ ਬਾਵਜੂਦ ਹਾਲਾਤ ’ਚ ਕੋਈ ਸੁਧਾਰ ਨਹੀਂ ਆਇਆ ਤੇ ਮੁਲਾਜ਼ਮਾਂ ਨੂੰ ਅਜੇ ਵੀ ਠੇਕਾ ਪ੍ਰਣਾਲੀ ਹੇਠ ਘੱਟ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤਕ ਉਨ੍ਹਾਂ ਨੂੰ ਪੱਕਾ ਕਰਨ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ।
ਉਨ੍ਹਾਂ ਕਿਹਾ ਕਿ 9 ਅਤੇ 10 ਮਈ ਨੂੰ ਵਿੱਤ ਮੰਤਰੀ ਪੰਜਾਬ ਦੇ ਦਿੜ੍ਹਬਾ ਸਥਿਤ ਦਫ਼ਤਰ ਦੇ ਸਾਹਮਣੇ ਪਰਿਵਾਰਾਂ ਸਮੇਤ ਦੋ ਦਿਨਾਂ ਦਾ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕਾ ਮੁਲਾਜ਼ਮਾਂ ਨੂੰ ਤਜਰਬੇ ਅਤੇ ਪਹਿਲ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਕਾਨੂੰਨ ਅਨੁਸਾਰ ਤਨਖਾਹ ਨਿਰਧਾਰਤ ਕੀਤੀ ਜਾਵੇ, ਸੇਵਾ ਦੌਰਾਨ ਮੌਤ ਜਾਂ ਅਸਮਰੱਥਤਾ ‘ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ, ਪੈਨਸ਼ਨ ਤੇ ਗੁਜ਼ਾਰਾ ਫੰਡ ਦੀ ਵਿਵਸਥਾ ਕੀਤੀ ਜਾਵੇ।