ਖ਼ਾਮੀਆਂ ਪਾਏ ਜਾਣ 'ਤੇ ਸਕੂਲੀ ਵਾਹਨ ਹੋਣਗੇ ਜ਼ਬਤ
ਜ਼ਿਲ੍ਹਾ ਮਾਨਸਾ ਵਿੱਚ ਸੇਫ਼ ਸਕੂਲ ਵਾਹਨ
Publish Date: Mon, 04 May 2026 06:07 PM (IST)
Updated Date: Tue, 05 May 2026 04:09 AM (IST)
-ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਜ਼ਿਲ੍ਹੇ ’ਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਵਿਭਾਗੀ ਪੱਧਰ ’ਤੇ ਕੀਤੇ ਜਾ ਰਹੇ ਵੱਖ ਵੱਖ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਨੇ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਿਤਤਾਵਾਂ ਪਾਏ ਜਾਣ ਦੀ ਸੂਰਤ ਵਿੱਚ ਸਕੂਲੀ ਵਾਹਨਾਂ ਨੂੰ ਜ਼ਬਤ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਡੀਸੀ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਦੀ ਜਾਨ ਨੂੰ ਜ਼ੋਖਮ ਵਿੱਚ ਨਹੀਂ ਪਾਇਆ ਜਾ ਸਕਦਾ ਅਤੇ ਜਿਹੜੇ ਸਕੂਲਾਂ ਦੇ ਮੁਖੀ ਵਾਰ ਵਾਰ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਅਪੀਲਾਂ ਦੇ ਬਾਵਜੂਦ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਦੇ ਪਾਏ ਜਾਣਗੇ। ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡੀਸੀ ਨਵਜੋਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਲਈ ਸੁਚੇਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਐਸਡੀ ਐਮਜ਼, ਆਰਟੀਓ ਅਤੇ ਪੁਲਿਸ ਅਧਿਕਾਰੀਆਂ ਨੂੰ ਸਕੂਲੀ ਵਾਹਨਾਂ ਦੀ ਨਿਯਮਿਤ ਜਾਂਚ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਸਕੂਲਾਂ ਵਿੱਚ ਸਕੂਲੀ ਵਾਹਨਾਂ ਦੇ ਡਰਾਈਵਰਾਂ ਲਈ ਲਾਜ਼ਮੀ ਤੌਰ ’ਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੈ ਤਾਂ ਕਿ ਭਵਿੱਖ ਵਿੱਚ ਕਿਸੇ ਅਣਗਹਿਲੀ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲੀ ਵਾਹਨਾਂ ਵਿੱਚ ਫ਼ਸਟ ਏਡ ਬਾਕਸ, ਅੱਗ ਸੰਤੁਲਨ ਯੰਤਰਾਂ, ਐਮਰਜੈਸੀ ਦਰਵਾਜ਼ਾ, ਪਰਮਿਟ, ਮਹਿਲਾ ਸਹਾਇਕ, ਸੀਟਾਂ ਦੀ ਸਮਰੱਥਾ ਆਦਿ ਮਾਪਦੰਡਾਂ ਦੀ ਚੈਕਿੰਗ ਵੀ ਕਰਦੇ ਰਹਿਣ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਤੇ ਆਰਟੀਓ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।