ਸ਼੍ਰੀ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਹਿੰਦ ਦੀ ਚਾਦਰ
Publish Date: Mon, 06 Apr 2026 08:34 PM (IST)
Updated Date: Tue, 07 Apr 2026 04:11 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਕਾਸ਼ ਦਿਹਾੜੇ ਗੁਰਦੁਆਰਾ ਸਿੰਘ ਸਭਾ ਮੇਨ ਬਜ਼ਾਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਨੂੰ ਮੁਖ ਰੱਖਦਿਆਂ ਸਥਾਨਕ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਕੇ ਗੁਰੂ ਸਾਹਿਬ ਜੀ ਦੀ ਛਤਰ-ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਾਰਾਂ ਹੱਟਾਂ ਚੌਂਕ, ਚੁਗਲੀ ਘਰ, ਰਵੀਦਾਸ ਮੰਦਰ ਤੋਂ ਹੁੰਦਾ ਹੋਇਆ ਵੀਰ ਨਗਰ ਮਹੱਲਾ ਰੇਲਵੇ ਫ਼ਾਟਕ, ਵਨਵੇ ਟ੍ਰੈਫ਼ਿਕ ਰੋਡ, ਤਿੰਨਕੋਨੀ, ਗੁਰਦੁਆਰਾ ਇੱਛਾ ਪੂਰਕ ਸਾਹਿਬ, ਢਿੱਲੋਂ ਸਟਰੀਟ, ਪ੍ਰੀਤ ਨਗਰ, ਕਚਹਿਰੀ ਰੋਡ, ਬੱਸ ਸਟੈਂਡ, ਸਿਨੇਮਾ ਰੋਡ , ਸ਼੍ਰੋਮਣੀ ਭਵਨ ਬਾਬਾ ਨਾਮਦੇਵ ਰੋਡ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ। ਫ਼ਤਿਹ ਗੱਤਕਾ ਗਰੁੱਪ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਗਏ। ਫ਼ੌਜੀ ਬੈਂਡ ਭਾਰੀ ਗਿਣਤੀ ਵਿੱਚ ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਗਈ। ਥਾਂ-ਥਾਂ ‘ਤੇ ਸ਼ਹਿਰ ਵਾਸੀਆਂ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿੱਚ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮਹਾਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਇਸ ਤੋਂ ਇਲਾਵਾ ਰਾਗੀ, ਢਾਡੀ, ਕਥਾਵਾਚਕ ਗੁਰੂ ਸਾਹਿਬਾਨਾਂ ਦੇ ਇਤਿਹਾਸ ਬਾਰੇ ਚਾਨਣਾ ਪਾਉਣਗੇ। ਇਸ ਨਗਰ ਕੀਰਤਨ ਵਿੱਚ ਮੈਂਬਰ ਬਲਵੀਰ ਸਿੰਘ ਔਲਖ, ਜਸਵੀਰ ਸਿੰਘ ਖਾਲਸਾ, ਭਾਈ ਤੇਜਿੰਦਰ ਸਿੰਘ ਟੀਟੂ, ਭਾਈ ਬੀਰਬਲ ਸਿੰਘ, ਸੁਖਚੈਨ ਸਿੰਘ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ,ਇੰਦਰਜੀਤ ਸਿੰਘ ਮੁਨਸ਼ੀ, ਬਲਜੀਤ ਸਿੰਘ ਸੇਠੀ, ਭਾਈ ਮਿਹਰ ਸਿੰਘ, ਹੈੱਡ ਗੰ੍ਰਥੀ ਭਾਈ ਟੇਕ ਸਿੰਘ, ਜਸਪਾਲ ਸਿੰਘ ਜੱਸਾ ਮਾਨ, ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਵੀਰਇੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਬੀਬੀਆਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਈ।