ਹਰ ਵਾਰਡ ’ਚੋਂ ਮਜ਼ਬੂਤ ਉਮੀਦਵਾਰ ਮੈਦਾਨ ’ਚ ਉਤਾਰਾਂਗੇ : ਸੋਢੀ
ਆਉਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ
Publish Date: Wed, 13 May 2026 06:22 PM (IST)
Updated Date: Thu, 14 May 2026 04:06 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਜ਼ਿਲ੍ਹਾ ਪੱਧਰ ’ਤੇ ਪੂਰੀ ਤਿਆਰੀ ਕਰ ਲਈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਬਲਵਿੰਦਰ ਸਿੰਘ ਭੂੰਦੜ ਦੀ ਸਰਪ੍ਰਸਤੀ ਹੇਠ ਜ਼ਿਲ੍ਹੇ ਦੀ ਸਮੁੱਚੀ ਜਥੇਬੰਦੀ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ ਵਿੱਚ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਰੀ ਜੋਸ਼ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਜਥੇਬੰਦੀ ਵੱਲੋਂ ਚੋਣਾਂ ’ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਹੈ ਤੇ ਬੂਥ ਪੱਧਰ ’ਤੇ ਡਿਊਟੀਆਂ ਲਗਾਈਆਂ ਜਾਣਗੀਆਂ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਲਈ ਲੋਕਾਂ ਦੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਕਤ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸ਼ਹਿਰਾਂ ਤੇ ਕਸਬਿਆਂ ’ਚ ਵਿਕਾਸ ਕਾਰਜ ਠੱਪ ਪਏ ਹਨ, ਸਫਾਈ ਪ੍ਰਬੰਧ ਬੇਹਾਲ ਹੋ ਚੁੱਕੇ ਹਨ ਤੇ ਪੀਣ ਵਾਲੇ ਪਾਣੀ, ਸੀਵਰੇਜ ਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ ਤੋਂ ਲੋਕ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਪੱਖੀ ਬਦਲਾਅ ਦੀ ਉਡੀਕ ਕਰ ਰਹੇ ਹਨ। ਸੋਢੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗਾ ਅਤੇ ਚੋਣਾਂ ਦੌਰਾਨ ਲੋਕਾਂ ਦੇ ਮੁੱਦਿਆਂ ਤੇ ਵਿਕਾਸ ਦੇ ਏਜੰਡੇ ਨੂੰ ਹੀ ਮੁੱਖ ਤਰਜੀਹ ਦਿੱਤੀ ਜਾਵੇਗੀ। ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਤੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਵੱਲੋਂ ਪਿਛਲੇ ਸਤਾਰਾਂ ਸਾਲਾਂ ਤੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰਵਾਏ ਮਿਸਾਲੀ ਵਿਕਾਸ ਕਾਰਜਾਂ, ਪਾਰਟੀ ਦੀਆਂ ਨੀਤੀਆਂ ਅਤੇ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਆਵਾਜ਼ ਬਣ ਕੇ ਖੜ੍ਹਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਹਰ ਵਾਰਡ ਵਿੱਚ ਪਾਰਟੀ ਵੱਲੋਂ ਮਜ਼ਬੂਤ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ਤੇ ਪੂਰੀ ਤਾਕਤ ਨਾਲ ਚੋਣਾਂ ਲੜੀਆਂ ਜਾਣਗੀਆਂ।