ਸੋਸ਼ਲ ਮੀਡੀਆ ’ਤੇ ਵੀ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਰਹੇ ਹਨ। ਕਈ ਲੋਕਾਂ ਨੇ ਟਿੱਪਣੀਆਂ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਹਥਿਆਰ ਲਹਿਰਾਉਣ ਅਤੇ ਸਰਕਾਰੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਪੂਜਾ ਵਾਲਾ ਮੁਹੱਲਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਵੱਲੋਂ ਖੁੱਲ੍ਹੇਆਮ ਗੁੰਡਾਗਰਦੀ ਕਰਨ ਦੀ ਘਟਨਾ ਸਾਹਮਣੇ ਆਈ ਸੀ। ਇਸ ਮਾਮਲੇ ਦੀ ਚਰਚਾ ਹਾਲੇ ਠੰਢੀ ਵੀ ਨਹੀਂ ਪਈ ਸੀ ਕਿ ਸ਼ੁੱਕਰਵਾਰ ਰਾਤ ਮਹੇਸ਼ਵਰੀ ਚੌਂਕ ਵਿੱਚ ਇਕ ਹੋਰ ਘਟਨਾ ਵਾਪਰ ਗਈ। ਇੱਥੇ ਕੁਝ ਨੌਜਵਾਨ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਲੈਸ ਹੋ ਕੇ ਇੱਕ ਰੇਹੜੀ ਨੂੰ ਤੋੜਦੇ ਹੋਏ ਨਜ਼ਰ ਆਏ।
ਦੋਹਾਂ ਘਟਨਾਵਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਨੌਜਵਾਨ ਬੇਖੌਫ਼ ਹੋ ਕੇ ਹਥਿਆਰ ਲਹਿਰਾਉਂਦੇ ਹੋਏ ਇਕ ਰੇਹੜੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਘਟਨਾ ਸਮੇਂ ਇਲਾਕੇ ਵਿੱਚ ਮੌਜੂਦ ਲੋਕ ਦਹਿਸ਼ਤ ਵਿੱਚ ਦੂਰ ਖੜੇ ਨਜ਼ਰ ਆਉਂਦੇ ਹਨ। ਕਿਸੇ ਨੇ ਹਿੰਮਤ ਕਰਕੇ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ, ਜੋ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਤੋਂ ਪਹਿਲਾਂ ਪੂਜਾ ਵਾਲਾ ਮੁਹੱਲਾ ਵਿੱਚ ਵੀ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦਹਿਸ਼ਤ ਫੈਲਾਉਣ ਦੀ ਵੀਡੀਓ ਸਾਹਮਣੇ ਆਈ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਪਰ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਹੁੰਦੀ ਨਹੀਂ ਦਿਖਾਈ ਦੇ ਰਹੀ।
ਲੋਕਾਂ ਦਾ ਮੰਨਣਾ ਹੈ ਕਿ ਜੇ ਸਮੇਂ ਸਿਰ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ। ਇਲਾਕਾ ਵਾਸੀਆਂ ਨੇ ਦੱਸਿਆ ਕਿ ਮਹੇਸ਼ਵਰੀ ਚੌਂਕ ਸ਼ਹਿਰ ਦਾ ਰੌਣਕ ਵਾਲਾ ਇਲਾਕਾ ਹੈ, ਜਿੱਥੇ ਹਰ ਵੇਲੇ ਆਵਾਜਾਈ ਰਹਿੰਦੀ ਹੈ। ਅਜਿਹੇ ਸਥਾਨ ’ਤੇ ਹਥਿਆਰਬੰਦ ਨੌਜਵਾਨਾਂ ਦੀ ਗੁੰਡਾਗਰਦੀ ਨਾਲ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਡਰ ਪੈਦਾ ਹੋ ਗਿਆ ਹੈ। ਵਪਾਰੀਆਂ ਨੇ ਚਿੰਤਾ ਜਤਾਈ ਕਿ ਜੇ ਹਾਲਾਤ ਇੰਝ ਹੀ ਰਹੇ ਤਾਂ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਅਸਰ ਪਵੇਗਾ।
ਸੋਸ਼ਲ ਮੀਡੀਆ ’ਤੇ ਵੀ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਰਹੇ ਹਨ। ਕਈ ਲੋਕਾਂ ਨੇ ਟਿੱਪਣੀਆਂ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਹਥਿਆਰ ਲਹਿਰਾਉਣ ਅਤੇ ਸਰਕਾਰੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓਜ਼ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਲਦੀ ਹੀ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਪੁਲਿਸ ਰਾਤ ਸਮੇਂ ਗਸ਼ਤ ਵਧਾਏ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾਕਾਬੰਦੀ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ।