ਭਾਰਤ ਸਰਕਾਰ ਵੱਲੋਂ ਦੇਸ਼ ਦੀ ਅਮੀਰ

ਕਿਹਾ, ਦੁਨੀਆ ਦੇ ਕਿਸੇ ਵੀ ਕੋਨੇ ਤੋਂ ਆਨਲਾਈਨ ਦੇਖੇ ਜਾ ਸਕਣਗੇ ਮਾਨਸਾ ਦੇ ਪ੍ਰਾਚੀਨ ਖਰੜੇ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤ ਸਰਕਾਰ ਵੱਲੋਂ ਦੇਸ਼ ਦੀ ਅਮੀਰ ਸੱਭਿਆਚਾਰਕ ਅਤੇ ਵਿਰਾਸਤੀ ਸੰਪਤੀ ਨੂੰ ਸਾਂਭਣ ਲਈ ਵਿੱਢੀ ਮੁਹਿੰਮ 'ਗਿਆਨ ਭਾਰਤਯਮ ਮਿਸ਼ਨ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਮਿਲੇ ਇਤਿਹਾਸਕ ਅਤੇ ਸਾਹਿਤਕ ਦਸਤਾਵੇਜ਼, ਆਉਣ ਵਾਲੇ ਦਿਨਾਂ ਵਿਚ ਰਾਸ਼ਟਰੀ ਦਸਤਾਵੇਜ਼ ਭੰਡਾਰ ਦਾ ਹਿੱਸਾ ਬਣਨਗੇ, ਜਿਸ ਤੱਕ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਪਹੁੰਚ ਬਣਾਈ ਜਾ ਸਕੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੀਟਿੰਗ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਇਨ੍ਹਾਂ ਅਨਮੋਲ ਦਸਤਾਵੇਜ਼ਾਂ ਨੂੰ ਸਿਰਫ਼ ਸਾਂਭਣਾ ਹੀ ਨਹੀਂ, ਸਗੋਂ ਇਨ੍ਹਾਂ ਨੂੰ ਡਿਜੀਟਲ ਰੂਪ ਦੇ ਕੇ ਇੱਕ ਕੇਂਦਰੀ ਪ੍ਰਣਾਲੀ ਨਾਲ ਜੋੜਨਾ ਹੈ। ਇਸ ਡਿਜੀਟਲਾਈਜ਼ੇਸ਼ਨ ਤੋਂ ਬਾਅਦ ਇਹ ਇਤਿਹਾਸਕ ਰਿਕਾਰਡ ‘ਰਾਸ਼ਟਰੀ ਦਸਤਾਵੇਜ਼ ਭੰਡਾਰ’ 'ਤੇ ਉਪਲਬਧ ਹੋਣਗੇ, ਜਿਸ ਨਾਲ ਖੋਜਾਰਥੀ ਅਤੇ ਆਮ ਲੋਕ ਦੁਨੀਆ ਵਿੱਚ ਕਿਤੇ ਵੀ ਬੈਠ ਕੇ ਇਨ੍ਹਾਂ ਨੂੰ ਆਸਾਨੀ ਨਾਲ ਆਨਲਾਈਨ ਵੇਖ ਅਤੇ ਪੜ੍ਹ ਸਕਣਗੇ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ, ਨਿੱਜੀ ਸੰਗ੍ਰਹਿਆਂ, ਵਿਅਕਤੀਆਂ ਅਤੇ ਲਾਇਬ੍ਰੇਰੀਆਂ ਤੋਂ ਇਕੱਠੀਆਂ ਕੀਤੀਆਂ ਗਈਆਂ ਪੁਰਾਤਨ ਹੱਥ-ਲਿਖਤਾਂ ਅਤੇ ਸਾਹਿਤਕ ਖਰੜਿਆਂ ਦੀਆਂ ਕਾਪੀਆਂ ਨੂੰ ਅਤਿ-ਆਧੁਨਿਕ ਤਕਨੀਕ ਰਾਹੀਂ ਸਕੈਨ ਕਰਕੇ ਸੁਰੱਖਿਅਤ ਕੀਤਾ ਜਾ ਰਿਹਾ ਹੈ। ਇਸ ਕਦਮ ਨਾਲ ਮਾਨਸਾ ਦੀ ਇਤਿਹਾਸਕ ਤੇ ਸਾਹਿਤਕ ਅਮੀਰੀ ਨੂੰ ਕੌਮਾਂਤਰੀ ਪੱਧਰ 'ਤੇ ਨਵੀਂ ਪਛਾਣ ਮਿਲੇਗੀ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਮਿਸ਼ਨ ਵਿੱਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਤੋਂ ਪੁਰਾਤਨ ਦਸਤਾਵੇਜ਼ਾਂ ਬਾਰੇ ਜਾਣਕਾਰੀ ਸਾਂਝੀ ਕਰਕੇ ਯੋਗਦਾਨ ਪਾਇਆ ਹੈ। ਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਨਿਰੰਤਰ ਪ੍ਰਾਚੀਨ ਸਾਹਿਤਕ ਤੇ ਇਤਿਹਾਸਿਕ ਲਿਖਤਾਂ ਨੂੰ ਇੱਕਤਰ ਕਰਨ ਲਈ ਉਪਰਾਲੇ ਕਰਦੇ ਰਹਿਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਅਨਮੋਲ ਗਿਆਨ ਦੇ ਖ਼ਜ਼ਾਨੇ ਨਾਲ ਆਸਾਨੀ ਨਾਲ ਜੁੜ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਭਾਸ਼ਾ ਅਫ਼ਸਰ ਤਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।