ਗੁਰੂਘਰ ’ਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਸ਼ੋਹ
Publish Date: Tue, 14 Apr 2026 07:46 PM (IST)
Updated Date: Wed, 15 Apr 2026 04:15 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਧਲੇਵਾਂ ਵਿਖੇ ਖਾਲਸਾ ਸਾਜਨਾ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਸ ਮੌਕੇ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਨਦੀਪ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਇਕ ਵੱਖਰੇ ਪੰਥ ਦੀ ਸਥਾਪਨਾ ਕੀਤੀ ਸੀ, ਜਿਸ ਨੂੰ ਖਾਲਸਾ ਸਾਜਨਾ ਦਿਵਸ ਦੇ ਤੌਰ ’ਤੇ ਦੁਨੀਆਂ ਦੇ ਕੋਨੇ-ਕੋਨੇ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਨੇ ਪਹਿਲਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਪਾਨ ਕਰਵਾਇਆ ਤੇ ਬਾਅਦ ਵਿੱਚ ਉਨ੍ਹਾਂ ਤੋਂ ਖੰਡੇ ਦੀ ਪਾਹੁਲ ਲੈ ਕੇ ਆਪ ਵੀ ਗੁਰੂ ਵਾਲੇ ਬਣੇ ਤੇ ਆਪੇ ਗੁਰ ਚੇਲਾ ਦਾ ਸਿਧਾਂਤ ਕਾਇਮ ਕੀਤਾ। ਭਾਈ ਮਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਜੀ ਦੀ ਸਜਾਈ ਹੋਈ ਫ਼ੌਜ ਅੱਜ ਵੀ ਲੱਖਾਂ ਵਿੱਚੋਂ ਵੱਖਰੇ ਤੌਰ 'ਤੇ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਲੜ ਲੱਗ ਕੇ ਗੁਰੂ ਜੀ ਦੇ ਦੱਸੇ ਰਾਹ 'ਤੇ ਚੱਲਣ ਦੀ ਸਖਤ ਲੋੜ ਹੈ ਤਾਂ ਹੀ ਅਸੀਂ ਵਧੀਆ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।