ਫੇਜ਼-11 ਕਤਲ ਮਾਮਲੇ ’ਚ 12 ਗ੍ਰਿਫ਼ਤਾਰ
ਫੇਜ਼-11 ਕਤਲ ਮਾਮਲੇ ’ਚ 12 ਗ੍ਰਿਫ਼ਤਾਰ
Publish Date: Thu, 19 Feb 2026 05:29 PM (IST)
Updated Date: Thu, 19 Feb 2026 05:33 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਥਾਣਾ ਫੇਜ਼-11 ਖੇਤਰ ਵਿਚ ਲਕਸ਼ਮੀ ਨਾਰਾਇਣ ਮੰਦਰ ਨੇੜੇ ਵਾਪਰੇ ਚਾਕੂ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਹੋਰਾਂ ਦੀ ਭਾਲ਼ ਜਾਰੀ ਹੈ। ਇਸ ਹਮਲੇ ਵਿਚ ਗੁਰਸੇਵਕ ਨਾਮਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਦਿਲਪ੍ਰੀਤ ਸਿੰਘ ਐੱਸਪੀ ਸਿੱਟੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 14-15 ਫਰਵਰੀ ਦੀ ਦਰਮਿਆਨੀ ਰਾਤ ਪੀੜਤ ਗੁਰਸੇਵਕ ਸਿੰਘ ਮੰਦਰ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ। ਉਥੇ ਮੌਜੂਦ 15-20 ਨੌਜਵਾਨਾਂ ਵੱਲੋਂ ਮੋਟਰਸਾਈਕਲਾਂ ਦੀ ਰੇਸਿੰਗ ਕੀਤੀ ਜਾ ਰਹੀ ਸੀ। ਟੋਕਣ ’ਤੇ ਇਕ ਨੌਜਵਾਨ ਨੇ ਕਿਰਚ ਨਾਲ ਗੁਰਸੇਵਕ ਸਿੰਘ ਦੀ ਛਾਤੀ ’ਤੇ ਹਮਲਾ ਕਰ ਦਿੱਤਾ ਅਤੇ ਸਾਥੀਆਂ ਸਮੇਤ ਫ਼ਰਾਰ ਹੋ ਗਿਆ। ਗੰਭੀਰ ਜ਼ਖ਼ਮੀ ਗੁਰਸੇਵਕ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਸਬੰਧੀ 15 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਸਪਲੈਂਡਰ ਮੋਟਰਸਾਈਕਲ, ਇਕ ਬੁਲੇਟ ਮੋਟਰਸਾਈਕਲ ਅਤੇ ਵਾਰਦਾਤ ਵਿਚ ਵਰਤੀ ਕਿਰਚ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਜਾਰੀ ਹੈ। ਐੱਸਪੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਕੁੱਲ 18 ਮੁਲਜ਼ਮ ਨਾਮਜ਼ਦ ਹਨ, ਜਿਨ੍ਹਾਂ ਵਿਚੋਂ 12 ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।