ਮੰਡੀਆਂ ’ਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਬਰਸਟ ਪੰਜਾਬ ਦੀਆਂ ਮੰਡੀਆਂ ’ਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਹਰਚੰਦ ਬਰਸਟ,
Publish Date: Wed, 04 Nov 2026 08:03 PM (IST)
Updated Date: Wed, 04 Nov 2026 08:05 PM (IST)
ਚੇਅਰਮੈਨ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਕਾਰਜਾਂ ’ਤੇ ਪ੍ਰਗਟਾਈ ਤਸੱਲੀ ਮੰਡੀਆਂ ’ਚ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਖ਼ਰੀਦ ਸੀਜ਼ਨ 2026-27 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ ’ਤੇ ਤਸੱਲੀ ਪ੍ਰਗਟਾਉਂਦੀਆਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ’ਚ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਜਾਣਕਾਰੀ ਦਿੰਦਿਆਂ ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ’ਚ 3 ਨਵੰਬਰ ਤੱਕ 142.50 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ’ਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ 135.46 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਮੰਡੀਆਂ ’ਚੋਂ 96.69 ਲੱਖ ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ। ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਪਨਗਰੇਨ ਵੱਲੋਂ ਸਭ ਤੋਂ ਵੱਧ 57,68,392 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 33,80,584 ਮੀਟ੍ਰਿਕ ਟਨ, ਪਨਸਪ ਵੱਲੋਂ 27,91,543 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 15,30,596 ਮੀਟ੍ਰਿਕ ਟਨ, ਐੱਫਸੀਆਈ ਵੱਲੋਂ 74,545 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,64,497 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਬੀਤੇ ਮੰਗਲਵਾਰ ਨੂੰ ਮੰਡੀਆਂ ’ਚ 6.18 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਦਕਿ 5.96 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਹੋਈ ਹੈ ਅਤੇ 5.49 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ’ਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।