ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ,
Publish Date: Wed, 25 Mar 2026 05:38 PM (IST)
Updated Date: Wed, 25 Mar 2026 05:41 PM (IST)

ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ, ਸੰਗਤੀ ਯਾਤਰਾ ਦਾ ਵੱਖਰਾ ਆਨੰਦ ਦੱਸਿਆ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਤੋਂ 15ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਕੋਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਾਵੇਂ ਮੁਹਾਲੀ ਹਲਕੇ ਦੇ ਬਹੁਤ ਸਾਰੇ ਪਰਿਵਾਰ ਆਪਣੇ ਤੌਰ ’ਤੇ ਤੀਰਥ ਯਾਤਰਾ ਕਰਨ ਦੇ ਸਮਰੱਥ ਹਨ, ਪਰ ਸੰਗਤੀ ਰੂਪ ਵਿਚ ਇਕੱਠੇ ਹੋ ਕੇ ਯਾਤਰਾ ਕਰਨ ਦਾ ਆਪਣਾ ਹੀ ਵਿਲੱਖਣ ਆਨੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਪਰਿਵਾਰਾਂ ਵਿਚ ਧਾਰਮਿਕਤਾ ਦੇ ਨਾਲ-ਨਾਲ ਆਪਸੀ ਭਾਈਚਾਰੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਯਾਤਰਾ ਤੋਂ ਵਾਪਸੀ ਉਪਰੰਤ ਲੋਕ ਆਪਣੇ ਤਜਰਬੇ ਸਾਂਝੇ ਕਰਦੇ ਹਨ ਅਤੇ ਸਮਾਜਿਕ ਮਸਲਿਆਂ ’ਤੇ ਵੀ ਇਕ-ਦੂਜੇ ਨਾਲ ਸਲਾਹ-ਮਸ਼ਵਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਹਰ ਬੱਸ ਵਿਚ ਮੈਡੀਕਲ ਮਾਹਰ ਅਤੇ ਗਾਈਡ ਦੀ ਸਹੂਲਤ ਉਪਲਬੱਧ ਹੈ, ਜਿਸ ਨਾਲ ਯਾਤਰਾ ਸੁਖ਼ਦ ਅਤੇ ਸੁਰੱਖਿਅਤ ਬਣਾਈ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀ ਪਾਰਟੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਕੋਲ ਹੁਣ ਕੋਈ ਢੰਗ ਦਾ ਮੁੱਦਾ ਨਹੀਂ ਬਚਿਆ, ਇਸ ਲਈ ਧਾਰਮਿਕ ਯਾਤਰਾਵਾਂ ’ਤੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦੀ ਹੀ ਹਜ਼ੂਰ ਸਾਹਿਬ ਲਈ ਬੱਸਾਂ ਦੀ ਗਿਣਤੀ ਵਧਾਈ ਜਾਵੇਗੀ, ਕਿਉਂਕਿ ਇਸ ਵੇਲੇ ਕੇਵਲ ਇਕ ਬੱਸ ਹੀ ਇਸ ਯਾਤਰਾ ਲਈ ਚੱਲਦੀ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਖ਼ੁਦ ਇਸ ਯਾਤਰਾ ਦਾ ਅਨੁਭਵ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਕ ਬਜ਼ੁਰਗ ਮਹਿਲਾ ਨੇ ਇਸ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਪ੍ਰਬੰਧ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹਨ ਅਤੇ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਫੂਲਰਾਜ ਸਿੰਘ, ਅਕਵਿੰਦਰ ਸਿੰਘ ਗੋਸਲ (ਚੇਅਰਮੈਨ), ਗਗਨਦੀਪ ਸਿੰਘ ਰਾਜਾ, ਹਰਿੰਦਰ ਸਿੰਘ, ਕੁਲਦੀਪ ਕੌਰ, ਕੁਲਵਿੰਦਰ ਜੀਤ ਕੌਰ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਤਰਲੋਚਨ ਸਿੰਘ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ, ਗੁਰਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਿਕੀ ਸਮੇਤ ਹੋਰ ਵੀ ਹਾਜ਼ਰ ਸਨ।