ਕੈਂਪ ਦੌਰਾਨ 165 ਲੋਕਾਂ ਦੀ ਹੋਈ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ 165 ਲੋਕਾਂ ਦੀ ਹੋਈ ਮੁਫ਼ਤ ਸਿਹਤ ਜਾਂਚ,
Publish Date: Thu, 29 Oct 2026 10:18 PM (IST)
Updated Date: Thu, 29 Oct 2026 10:19 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਨਗਰ ਕੌਂਸਲ ਜ਼ੀਰਕਪੁਰ ਅਧੀਨ ਪੈਂਦੇ ਪਿੰਡ ਲੋਹਗੜ੍ਹ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ-ਦੁਆਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਇਕ ਵਿਸ਼ਾਲ ਸੇਵਾ ਕੈਂਪ ਦਾ ਆਯੋਜਨ ਕੀਤਾ ਗਿਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਸੈਂਕੜੇ ਦੀ ਗਿਣਤੀ ’ਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਸਿਹਤ ਸੇਵਾਵਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਮਾਹਰਾਂ ਦੀ ਟੀਮ ਵੱਲੋਂ 165 ਮਰੀਜ਼ਾਂ ਦੀ ਵਿਸਥਾਰਪੂਰਵਕ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ 124 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਵੀ ਤਿਆਰ ਕੀਤੇ ਗਏ। ਡਾਕਟਰਾਂ ਵੱਲੋਂ ਡੈਂਟਲ ਚੈਕਅੱਪ (ਸਕੇਲਿੰਗ, ਫਿਲਿੰਗ ਤੇ ਦੰਦ ਕੱਢਣਾ), ਸ਼ੂਗਰ, ਬਲੱਡ ਪ੍ਰੈਸ਼ਰ, ਜੋੜਾਂ ਦੇ ਦਰਦ ਦੀ ਜਾਂਚ ਅਤੇ ਔਰਤਾਂ ਦੀ ਸਿਹਤ ਨਾਲ ਸਬੰਧਤ ਵਿਸ਼ੇਸ਼ ਸਕ੍ਰੀਨਿੰਗ ਕੀਤੀ ਗਈ। ਡਾਕਟਰਾਂ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਮਹੱਤਵਪੂਰਨ ਸੁਝਾਅ ਵੀ ਦਿੱਤੇ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਹੈ ਕਿ ਸਰਕਾਰੀ ਸੇਵਾਵਾਂ ਲਈ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਸਗੋਂ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਣ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਡੇਰਾਬੱਸੀ ਦੇ ਲੋਕਾਂ ਲਈ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੇ।