ਮੁਹਾਲੀ ’ਚ ਹੋਵੇਗਾ 16ਵਾਂ ਰਾਸ਼ਟਰੀ ਵੋਟਰ ਦਿਵਸ ਸੂਬਾ ਪੱਧਰੀ ਸਮਾਗਮ
ਮੁਹਾਲੀ ਵਿਚ ਹੋਵੇਗਾ 16ਵਾਂ ਰਾਸ਼ਟਰੀ ਵੋਟਰ ਦਿਵਸ ਰਾਜ ਪੱਧਰੀ ਸਮਾਗਮ
Publish Date: Mon, 05 Jan 2026 07:44 PM (IST)
Updated Date: Mon, 05 Jan 2026 07:47 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਮੁਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਰਾਜ ਪੱਧਰੀ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੋਮਵਾਰ ਨੂੰ ਇੱਥੇ ਦਿੱਤੀ। ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਸਫਲਤਾ ਲਈ ਸਾਰੀਆਂ ਲੁੜੀਂਦੀਆਂ ਤਿਆਰੀਆਂ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਮਾਗਮ ਰਾਸ਼ਟਰੀ ਮਹੱਤਤਾ ਦਾ ਹੈ ਅਤੇ ਇਸ ਨੂੰ ਗੌਰਵਮਈ ਅਤੇ ਸਹਿਯੋਗੀ (ਆਪਸੀ ਤਾਲਮੇਲ) ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਮਿੱਤਲ ਨੇ ਕਿਹਾ ਕਿ ਐੱਸਏਐੱਸ ਨਗਰ ਨੂੰ ਇਸ ਅਹਿਮ ਸੂਬਾ ਪੱਧਰੀ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣਾ ਸੌਭਾਗਾ ਹੈ ਅਤੇ ਸਾਰੇ ਵਿਭਾਗ ਪੂਰੀ ਲਗਨ ਅਤੇ ਸੁਚੱਜੀ ਯੋਜਨਾਬੰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਚੋਣ ਅਧਿਕਾਰੀ ਵੱਲੋਂ ਐਮਿਟੀ ਯੂਨੀਵਰਸਿਟੀ ਤੋਂ ਇਕ ਬਾਈਕ ਰੈਲੀ ਨੂੰ ਹਰੀ ਝੰਡੀ ਵਿਖਾਈ ਜਾਵੇਗੀ, ਜਿਸ ਉਪਰੰਤ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਚ ਮੁੱਖ ਸਮਾਗਮ ਆਯੋਜਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀ ਭਾਸ਼ਣ, ਵਿਸ਼ੇਸ਼ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਵੋਟਰ ਜਾਗਰੂਕਤਾ ’ਤੇ ਆਧਾਰਿਤ ਨਾਟਕ, ਭੰਗੜਾ ਪ੍ਰਦਰਸ਼ਨ ਤੋਂ ਇਲਾਵਾ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਰਜਿਸਟ੍ਰੇਸ਼ਨ ਕਾਰਜਾਂ ਵਿਚ ਉੱਤਮ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਰਾਸ਼ਟਰੀ ਵੋਟਰ ਦਿਵਸ ਨੂੰ ਸੁਚੱਜੇ, ਗੌਰਵਮਈ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਕਿਹਾ, ਤਾਂ ਜੋ ਲੋਕਤੰਤਰਿਕ ਭਾਗੀਦਾਰੀ ਅਤੇ ਵੋਟਰ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।