- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੀ ਸ਼ਹੀਦੀ ਸਭਾ ਵਿਚ ਲਗਪਗ 80 ਲੱਖ ਸ਼ਰਧਾਲੂ ਪੁੱਜੇ ਸਨ। ਇਸ ਨੂੰ ਧਿਆਨ ਵਿਚ ਰੱਖਦਿਆਂ ਇਸ ਵਾਰ ਆਵਾਜਾਈ, ਸੁਰੱਖਿਆ, ਸਿਹਤ ਅਤੇ ਸਫ਼ਾਈ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਵਿਚ ਹੋਣ ਵਾਲੀ ਸਾਲਾਨਾ ਸ਼ਹੀਦੀ ਸਭਾ ਵਿਚ ਲੱਖਾਂ ਸ਼ਰਧਾਲੂਆਂ ਦੇ ਪੁੱਜਣ ਦੀ ਸੰਭਾਵਨਾ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵਿਆਪਕ ਪ੍ਰਬੰਧ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਬੈਠਕ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਪਿਛਲੀ ਸ਼ਹੀਦੀ ਸਭਾ ਵਿਚ ਲਗਪਗ 80 ਲੱਖ ਸ਼ਰਧਾਲੂ ਪੁੱਜੇ ਸਨ। ਇਸ ਨੂੰ ਧਿਆਨ ਵਿਚ ਰੱਖਦਿਆਂ ਇਸ ਵਾਰ ਆਵਾਜਾਈ, ਸੁਰੱਖਿਆ, ਸਿਹਤ ਅਤੇ ਸਫ਼ਾਈ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਹ ਸਮਾਗਮ ਸਿਰਫ਼ ਧਾਰਮਿਕ ਇਕੱਠ ਨਹੀਂ, ਸਗੋਂ ਮਨੁੱਖਤਾ ਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਵਿਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ।
ਸ਼ਰਧਾਲੂਆਂ ਦੀ ਆਵਾਜਾਈ ਲਈ 200 ਸ਼ਟਲ ਬੱਸਾਂ ਚਲਾਈਆਂ ਜਾਣਗੀਆਂ। ਪਿੰਡਾਂ ਤੇ ਨੇੜਲੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਈ-ਰਿਕਸ਼ਿਆਂ ਦੀ ਗਿਣਤੀ ਵੀ ਵਧਾਈ ਜਾਵੇਗੀ ਤਾਂ ਜੋ ਬਜ਼ੁਰਗਾਂ ਨੂੰ ਅੰਤਮ ਦੂਰੀ ਤੈਅ ਕਰਨ ਵਿਚ ਮੁਸ਼ਕਲ ਨਾ ਆਵੇ। ਫਤਹਿਗੜ੍ਹ ਸਾਹਿਬ ਵੱਲ ਜਾਣ ਵਾਲੀਆਂ ਸਾਰੀਆਂ ਮੁੱਖ ਸੜਕਾਂ ’ਤੇ ਏਆਈ ਆਧਾਰਿਤ ਕੈਮਰਿਆਂ ਅਤੇ ਡ੍ਰੋਨਾਂ ਰਾਹੀਂ ਭੀੜ ਤੇ ਆਲੇ-ਦੁਆਲੇ ਦੇ ਇਲਾਕਿਆਂ ’ਤੇ ਨਜ਼ਰ ਰੱਖੀ ਜਾਵੇਗੀ। ਮੋਬਾਈਲ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਵਾਧੂ ਟਾਵਰ ਲਗਾਏ ਜਾਣਗੇ। ਪੁਲਿਸ ਤੇ ਪ੍ਰਸ਼ਾਸਨ ਦਾ ਸਾਂਝਾ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਤਿਆਰੀਆਂ ਦੀ ਨਿਗਰਾਨੀ ਕਰਨਗੇ।