ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤਕ 22 ਹਜ਼ਾਰ 615 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 21 ਹਜ਼ਾਰ 658 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤਕ ਖਰੀਦੇ ਗਏ ਝੋਨੇ 'ਚੋਂ 4 ਹਜ਼ਾਰ 421 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 38.76 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ 'ਚੋਂ ਪਨਗੇ੍ਨ ਨੇ 6199 ਮੀਟਰਕ ਟਨ, ਮਾਰਕਫੈਡ ਵਲੋਂ 7771 ਮੀਟਰਕ ਟਨ, ਪਨਸਪ ਵੱਲੋਂ 2685 ਮੀਟਰਕ ਟਨ, ਵੇਅਰ ਹਾਊਸ ਵੱਲੋਂ 4059 ਮੀਟਰਕ ਟਨ, ਐੱਫਸੀਆਈ ਵੱਲੋਂ 596 ਮੀਟਰਕ ਟਨ ਤੇ ਵਪਾਰੀਆਂ ਵੱਲੋਂ 348 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ।

ਡੀਸੀ ਅਮਿਤ ਤਲਵਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਸਾਹ ਨਾਲ ਸਬੰਧਤ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਵੱਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।