ਪੰਜਾਬੀ ਜਾਗਰਣ ਕੇਂਦਰ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅਹਿਮ ਪ੍ਰਗਟਾਵੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇੰਨੀ ਦ੍ਰਿੜ ਵਚਨਬੱਧਤਾ ਨਾਲ ਕੰਮ ਨਹੀਂ ਕੀਤਾ ਜਿਵੇਂ ਆਮ ਆਦਮੀ ਪਾਰਟੀ ਕਰ ਰਹੀ ਹੈ।

ਪੰਜਾਬ ਭਵਨ ਵਿਚ ਪ੍ਰੈੱਸ ਕਾਨਫਰੰਸ ਵਿਚ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਲਈ ਪੜਾਅਵਾਰ 25,000 ਮਕਾਨ ਬਣਾਏ ਜਾਣਗੇ। ਸਰਕਾਰ ਨੇ ਘੱਟ ਤੋਂ ਮੱਧ ਆਮਦਨ ਤੇ ਘੱਟ ਆਮਦਨੀ ਵਾਲੇ ਪਰਿਵਾਰਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਅਤੇ ਸੂਬੇ ਵਿਚ ਰੀਅਲ ਅਸਟੇਟ ਸੈਕਟਰ ਨੂੰ ਮੁੜ ਸੁਰਜੀਤ ਕਰਨ ਲਈ ਕਿਫ਼ਾਇਤੀ ਰਿਹਾਇਸ਼ ਨੀਤੀ ਨੂੰ ਲਾਗੂ ਕੀਤਾ ਹੈ। ਸੂਬੇ ਵਿਚ 14,000 ਨਾਜਾਇਜ਼ ਕਾਲੋਨੀਆਂ ਹਨ, ਜੋ ਪਿਛਲੀਆਂ ਸਰਕਾਰ ਦੇ ਲੋਭ ਕਾਰਨ ਹੋਂਦ ਵਿਚ ਆਈਆਂ ਸਨ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਵਿਰੁੱਧ ਸ਼ਿਕੰਜਾ ਕੱਸਿਆ ਹੈ।

ਉਨ੍ਹਾਂ ਕਿਹਾ ਕਿ ਊਰਜਾ ਪਰਿਵਰਤਨ ਯੋਜਨਾ ਤਹਿਤ ਹਰੀ ਹਾਈਡ੍ਰੋਜ਼ਨ ਨੀਤੀ ਜਲਦੀ ਤਿਆਰ ਕੀਤੀ ਜਾਵੇਗੀ, ਜਿਸ ਦਾ ਉਦੇਸ਼ ਪਰਾਲੀ ਦੀ ਵਰਤੋਂ ਊਰਜਾ ਲਈ ਕਰਨਾ ਤੇ ਇਸ ਜ਼ਰੀਏ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਹੈ। ਮਾਨ ਸਰਕਾਰ ਦੀਆਂ ਪਹਿਲੇ ਸਾਲ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ 36,000 ਕਰੋੜ ਦਾ ਕਰਜ਼ਾ (16,000 ਕਰੋੜ ਰੁਪਏ ਮੂਲ ਅਤੇ 20,000 ਵਿਆਜ) ਵਾਪਸ ਕੀਤਾ। 500 ਤੋਂ ਵੱਧ ਮੁਹੱਲਾ ਕਲੀਨਿਕਾਂ ਤੋਂ ਹੁਣ ਤੱਕ 10.50 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ, ਪਨਸਪ ਅਤੇ ਪੰਜਾਬ ਐਗਰੋ ਨੂੰ ਬੇਲਆਊਟ ਕਰਨ ਲਈ 2,000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Posted By: Jagjit Singh