ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ, ਸੰਗਰੂਰ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਸਾਰੇ ਮਰੀਜ਼ਾਂ ਦੇ ਆਈਸੋਲੇਸ਼ਨ ਕੇਂਦਰਾਂ 'ਚੋਂ ਡਿਸਚਾਰਜ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਲਈ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਇੱਥੇ ਹੁਣ ਕੋਰੋਨਾ ਵਾਇਰਸ ਦਾ ਹੋਰ ਕੋਈ ਐਕਟਿਵ ਕੇਸ ਨਹੀਂ ਹੈ।।

ਸਿੱਧੂ ਨੇ ਇਕ ਬਿਆਨ ਵਿਚ ਕਿਹਾ ਕਿ ਹਾਲਾਂਕਿ ਹੁਣ ਚਾਰ ਜ਼ਿਲ੍ਹਿਆਂ 'ਚ ਕੋਰੋਨਾ ਵਾਇਰਸ ਦੇ ਕੇਸ ਨਹੀਂ ਹਨ, ਪਰ ਇਸ ਮਹਾਮਾਰੀ ਨਾਲ ਸਾਡੀ ਲੜਾਈ ਹਾਲੇ ਖ਼ਤਮ ਨਹੀਂ ਹੋਈ ਹੈ।।ਉਨਾਂ ਕਿਹਾ ਕਿ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਸ ਬਿਮਾਰੀ ਦਾ ਢੁੱਕਵਾਂ ਇਲਾਜ ਨਹੀਂ ਮਿਲ ਜਾਂਦਾ। ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਖ਼ਾਸਕਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Posted By: Seema Anand