- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਨਸ਼ਾ ਤੇ ਅਸਲਾ ਤਸਕਰ ਗਰੋਹ ਦੇ 4 ਮੈਂਬਰ ਗ੍ਰਿਫ਼ਤਾਰ

-100 ਗ੍ਰਾਮ ਹੈਰੋਇਨ, ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਕ੍ਰੇਟਾ ਕਾਰ ਜ਼ਬਤ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ
ਮੁਹਾਲੀ : ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਨੇ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਮੰਗਵਾ ਕੇ ਟਰਾਈਸਿਟੀ ਖੇਤਰ ’ਚ ਸਪਲਾਈ ਕਰਨ ਵਾਲੇ ਕੌਮਾਂਤਰੀ ਗਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਮੁਹਾਲੀ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਪੰਜ ਆਧੁਨਿਕ ਪਿਸਤੌਲ, 1 ਜ਼ਿਗਾਨਾ (30 ਬੋਰ), 2 ਪਿਸਤੌਲ (32 ਬੋਰ) ਅਤੇ 2 ਪਿਸਤੌਲ (315 ਬੋਰ) ਸਮੇਤ 100 ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੀ ਕਰੇਟਾ ਵੀ ਜ਼ਬਤ ਕਰ ਲਈ ਹੈ।
ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਐੱਸਪੀ (ਡੀ) ਸੌਰਵ ਜਿੰਦਲ, ਐੱਸਪੀ (ਆਪਰੇਸ਼ਨ) ਅਕਾਸ਼ਦੀਪ ਸਿੰਘ ਅਤੇ ਡੀਐਸਪੀ (ਤਫ਼ਤੀਸ਼ੀ) ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ’ਚ ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਪਰਦੀਪ ਸਿੰਘ ਬਾਜਵਾ ਦੀ ਅਗਵਾਈ ਵਾਲੀ ਟੀਮ ਨੇ ਮਨਪ੍ਰੀਤ ਸਿੰਘ ਵਾਸੀ ਗੁਰੂਹਰਸਹਾਏ, ਸੁਨੀਲ ਉਰਫ਼ ਸੰਨੀ ਵਾਸੀ ਪਿੰਡ ਕਮਾਲਵਾਲਾ, ਗੁਰਪ੍ਰੀਤ ਸਿੰਘ ਉਰਫ਼ ਗੁਰੀ ਵਾਸੀ ਪਿੰਡ ਇਸਾ ਪੰਜ ਗਰਾਈਂ, ਗੁਰੂਹਰਸਹਾਏ ਅਤੇ ਸੁਖਚੈਨ ਸਿੰਘ ਉਰਫ਼ ਸੁੱਖਾ ਵਾਸੀ ਗੱਦੂ ਖਿਲਚਾ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਫੜੇ ਗਏ ਇਨ੍ਹਾਂ ਚਾਰੇ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਦਰਜ ਨਹੀਂ ਹੈ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਖਰੜ ਇਲਾਕੇ ’ਚ ਗਸ਼ਤ ਦੌਰਾਨ ਪੁਲਿਸ ਨੂੰ ਖ਼ੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਕਰੇਟਾ ਕਾਰ ਵਿਚ ਸਵਾਰ ਹੋ ਕੇ ਮੁਹਾਲੀ ਅਤੇ ਆਸ-ਪਾਸ ਖੇਤਰਾਂ ਵਿਚ ਨਸ਼ਾ ਅਤੇ ਅਸਲਾ ਵੇਚਣ ਲਈ ਘੁੰਮ ਰਹੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੁਲਜ਼ਮਾਂ ਨੂੰ ਘੇਰ ਕੇ ਕਾਬੂ ਕਰ ਲਿਆ।
ਬਾਕਸ :
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਨਸਨੀਖੇਜ਼ ਤੱਥ ਸਾਹਮਣੇ ਆਏ ਹਨ ਕਿ ਇਹ ਗਰੋਹ ਪਾਕਿਸਤਾਨ ਅਧਾਰਿਤ ਪੀ.ਆਈ.ਓਜ਼ ਨਾਲ ਸਿੱਧੇ ਸੰਪਰਕ ’ਚ ਸੀ। ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਸੁੱਟੀ ਜਾਂਦੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਇਹ ਨਿਰਧਾਰਤ ਥਾਵਾਂ ਤੋਂ ਚੁੱਕਦੇ ਸਨ ਅਤੇ ਮੁਹਾਲੀ, ਚੰਡੀਗੜ੍ਹ ਸਮੇਤ ਪੂਰੇ ਟਰਾਈਸਿਟੀ ’ਚ ਮੋਟੇ ਮੁਨਾਫ਼ੇ 'ਤੇ ਵੇਚਦੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਖਰੜ ’ਚ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੀਆਂ ਵੱਖਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਖਰੜ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਪੇਜ ਦਿੱਤਾ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀਆਂ ਕੌਮਾਂਤਰੀ ਨੈੱਟਵਰਕ ਦੀਆਂ ਹੋਰ ਕੜੀਆਂ ਅਤੇ ਖ਼ਰੀਦਦਾਰਾਂ ਦਾ ਪਰਦਾਫਾਸ਼ ਹੋਣ ਦੀ ਸੰਭਾਵਨਾ ਹੈ।