ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸੂਬਾ ਪੰਜਾਬ ਸਰਕਾਰ ਵਲੋਂ ਸਟੇਟ ਸਪਾਂਸਰਡ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ 5 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ।ਖ਼ੁਰਾਕ ਤੇ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਮੁੱਖ ਮੰਤਰੀ ਵੱਲੋਂ ਗਠਿਤ ਮੰਤਰੀਆਂ ਤੇ ਐੱਮਐੱਲਏਜ਼ ਅਧਾਰਤ ਸਬ-ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਮੀਟਿੰਗ ਵਿਚ ਸਬ-ਕਮੇਟੀ ਮੈਂਬਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੰਦਰ ਸ਼ਾਮ ਅਰੋੜਾ, ਐੱਮਐੱਲਏ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ, ਪ੍ਰਰੀਤਮ ਸਿੰਘ ਕੋਟਭਾਈ, ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਆਸ਼ੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 1.41 ਕਰੋੜ ਲੋੜਵੰਦਾਂ ਨੂੰ ਸੂਬਾ ਸਰਕਾਰ ਵੱਲੋਂ ਰਾਸ਼ਨ ਦਿੱਤਾ ਜਾ ਰਿਹਾ ਸੀ।ਇਸ ਤੋਂ ਇਲਾਵਾ ਕੁਝ ਵਿਅਕਤੀ ਸਕੀਮ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਗਏ ਸਨਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਰਕਾਰ ਸਪਾਂਸਰਡ ਸਕੀਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਸਨ।ਇਸ ਸਕੀਮ ਤਹਿਤ ਸੂਬੇ ਦੇ ਤਕਰੀਬਨ 2,37,200 ਪਰਿਵਾਰਾਂ ਦੇ 9,48,801 ਮੈਂਬਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਹੁਣ ਤਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਧੀਨ ਸੂਬੇ ਦੇ 92.35 ਫੀਸਦੀ ਲਾਭਪਾਤਰਾਂ ਨੂੰ ਅਨਾਜ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਬ-ਕਮੇਟੀ ਦੇ ਮੈਂਬਰਾਂ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।