ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ’ਚ 94,330 ਮੀਟ੍ਰਿਕ ਟਨ ਝੋਨੇ ਦੀ ਆਮਦ, 93,865 ਮੀਟ੍ਰਿਕ ਟਨ ਖ਼ਰੀਦੀ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ’ਚ 94,330 ਮੀਟਰਿਕ ਟਨ ਝੋਨੇ ਦੀ ਆਮਦ, 93,865 ਮੀਟਰਿਕ ਟਨ ਖਰੀਦੀ
Publish Date: Wed, 14 Oct 2026 08:45 PM (IST)
Updated Date: Wed, 14 Oct 2026 08:48 PM (IST)
ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ’ਚ ਲਿਆਉਣ ਦੀ ਅਪੀਲ ਕੰਬਾਈਨ ਮਾਲਕਾਂ ਤੇ ਚਾਲਕਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੇ ਹੁਕਮ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ 20 ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ 94,330 ਮੀਟਰਿਕ ਟਨ ਆਮਦ ਹੋਈ ਹੈ, ਜਿਸ ’ਚੋਂ 93,865 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ’ਚੋਂ ਲਿਫ਼ਟਿੰਗ ਵੀ ਨਿਰੰਤਰ ਕੀਤੀ ਜਾ ਰਹੀ ਹੈ, ਹੁਣ ਤੱਕ 50,614 ਮੀਟਰਿਕ ਟਨ ਤੋਂ ਵਧੇਰੇ ਫ਼ਸਲ ਚੁੱਕੀ ਗਈ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੀਡੀਆ ਨਾਲ ਸਾਂਝੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਕੰਬਾਈਨ ਮਾਲਕਾਂ ਅਤੇ ਚਾਲਕਾਂ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ।