ਸ਼੍ਰੋਮਣੀ ਅਕਾਲੀ ਦਲ 'ਚ ਪਾੜ ਪੈਂਦਿਆਂ ਹੀ ਇਕਬਾਲ ਸਿੰਘ ਝੂੰਦਾਂ ਨੂੰ ਵੱਡਾ ਝਟਕਾ, ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਕੱਢਿਆ ਬਾਹਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) 'ਚ ਵੱਡੀ ਫੁੱਟ ਪੈ ਗਈ। ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ 15 ਆਗੂਆਂ ਨੇ ਵੱਖਰਾ ਧੜਾ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 'ਵਾਰਿਸ ਪੰਜਾਬ ਦੇ' ਨਾਲ ਗਠਜੋੜ ਦਾ ਐਲਾਨ ਕੀਤਾ। ਇਸ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Publish Date: Tue, 21 Jul 2026 04:03 PM (IST)
Updated Date: Tue, 21 Jul 2026 04:06 PM (IST)
ਡਿਜੀਟਲ ਡੈਸਕ, ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) 'ਚ ਵੱਡੀ ਫੁੱਟ ਪੈ ਗਈ। ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ 15 ਆਗੂਆਂ ਨੇ ਵੱਖਰਾ ਧੜਾ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 'ਵਾਰਿਸ ਪੰਜਾਬ ਦੇ' ਨਾਲ ਗਠਜੋੜ ਦਾ ਐਲਾਨ ਕੀਤਾ। ਇਸ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਖਾਰਿਜ ਕਰ ਦਿੱਤਾ ਗਿਆ ਹੈ। ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਵਿਰੁੱਧ ਜਾਂਦਿਆਂ ਪਹਿਲਾਂ ਵੀ ਝੂੰਦਾਂ ਨੇ ਆਪਣੇ ਤੌਰ 'ਤੇ ਦੋ ਮੀਟਿੰਗਾਂ ਕੀਤੀਆਂ ਸਨ, ਜਿਨ੍ਹਾਂ 'ਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਵੀ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ। ਜਦੋਂਕਿ ਜਥੇਬੰਦੀ ਵਲੋਂ ਪਹਿਲਾਂ ਹੀ ਦੂਜਿਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਗਈ ਹੈ, ਜੋ ਆਪਣਾ ਕੰਮ ਬਹੁਤ ਵਧੀਆ ਢੰਗ ਨਾਲ ਕਰ ਰਹੀ ਹੈ। ਇਕਬਾਲ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰ ਹੋ ਕੀਤਾ ਹੈ, ਜਿਸ ਨਾਲ ਜਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ। ਇਸੇ ਤਹਿਤ ਨੋਟਿਸ ਲੈਂਦਿਆਂ ਅਨੁਸ਼ਾਸਨ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਰਕ ਵਰਚੁਅਲ ਮੀਟਿੰਗ ਕਰਕੇ ਸਿਫਾਰਿਸ਼ ਕੀਤੀ ਸੀ ਕਿ ਇਕਬਾਲ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇ।
ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿਉਂ ਬਣਾਇਆ ਗਿਆ ਵੱਖਰਾ ਧੜਾ ? ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪੰਜਾਬ ਅਤੇ ਖਾਲਸਾ ਪੰਥ ਮੌਜੂਦਾ ਸਮੇਂ 'ਚ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ 'ਚ ਮਜ਼ਬੂਤ, ਨਿਡਰ ਅਤੇ ਵਚਨਬੱਧ ਲੀਡਰਸ਼ਿਪ ਦੀ ਲੋੜ ਹੈ, ਜੋ ਪੰਥਕ ਹਿੱਤਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਚੁੱਕ ਸਕੇ। ਉਨ੍ਹਾਂ ਦਾਅਵਾ ਕੀਤਾ ਕਿ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਵਿਚਾਰਧਾਰਾਵਾਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਸਮਰੱਥਾ ਹੈ। ਇਸੇ ਸੋਚ ਤਹਿਤ ਉਨ੍ਹਾਂ ਦੇ ਧੜੇ ਨੇ 'ਵਾਰਿਸ ਪੰਜਾਬ ਦੇ' ਨਾਲ ਮਿਲ ਕੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ। ਇਸ ਗਠਜੋੜ ਦਾ ਉਦੇਸ਼ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਚੁੱਕਣਾ, ਪੰਥਕ ਧਿਰਾਂ ਨੂੰ ਇਕਜੁੱਟ ਕਰਨਾ ਅਤੇ ਇੱਕ ਸਾਂਝੇ ਏਜੰਡੇ ਤਹਿਤ ਕੰਮ ਕਰਨਾ ਹੈ। ਖਿੰਡੀ ਹੋਈ ਪੰਥਕ ਰਾਜਨੀਤੀ ਨੂੰ ਇੱਕ ਮੰਚ 'ਤੇ ਲਿਆਉਣ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ
ਪਾਰਟੀ ਨੀਤੀਆਂ ਤੋਂ ਅਸੰਤੁਸ਼ਟ ਸਨ ਆਗੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਅੰਦਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ, ਸੰਗਠਨ ਦੀ ਕਾਰਜਪ੍ਰਣਾਲੀ ਅਤੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਮਤਭੇਦ ਚੱਲ ਰਹੇ ਸਨ। ਬਹੁਤ ਸਾਰੇ ਸੀਨੀਅਰ ਆਗੂ ਅਤੇ ਵਰਕਰ ਪਾਰਟੀ ਦੇ ਕੰਮਕਾਜ ਤੋਂ ਅਸੰਤੁਸ਼ਟ ਦੱਸੇ ਜਾ ਰਹੇ ਸਨ।