ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਨਿਰੰਤਰ ਮੁਹਿੰਮ ਚਲਾਈ ਜਾਵੇਗੀ : ਕਮਿਸ਼ਨਰ
19 ਜਨਵਰੀ ਤੋਂ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਨਿਰੰਤਰ ਮੁਹਿੰਮ ਚਲਾਈ ਜਾਵੇਗੀ : ਕਮਿਸ਼ਨਰ
Publish Date: Sun, 18 Jan 2026 06:20 PM (IST)
Updated Date: Sun, 18 Jan 2026 06:22 PM (IST)

ਲੋਕਾਂ ਨੂੰ ਤੈਅ ਸਮਾਂ ਹੱਦ ਤੋਂ ਪਹਿਲਾਂ-ਪਹਿਲਾਂ ਆਪਣੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਕਮਿਸ਼ਨਰ, ਨਗਰ ਨਿਗਮ, ਪਰਮਿੰਦਰਪਾਲ ਸਿੰਘ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਹਾਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਰਿਹਾਇਸ਼ੀ, ਕਮਰਸ਼ੀਅਲ, ਇੰਡਸਟਰੀਅਲ ਖੇਤਰਾਂ, ਪਾਰਕਾਂ ਜਾਂ ਕਿਸੇ ਵੀ ਕਿਸਮ ਦੀ ਸਰਕਾਰੀ ਜ਼ਮੀਨ ’ਤੇ ਕੀਤੀਆਂ ਗਈਆਂ ਗ਼ੈਰ-ਕਾਨੂੰਨੀ ਇਨਕਰੋਚਮੈਂਟਾਂ ਨੂੰ ਹਟਾਉਣ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਵਿਚ ਲੋਕਾਂ ਨੂੰ 19 ਜਨਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਕਬਜ਼ੇ ਤੁਰੰਤ ਹਟਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਨਯੋਗ ਹਾਈ ਕੋਰਟ ਦੀ ਹਦਾਇਤਾਂ ਬਾਰੇ ਨਗਰ ਨਿਗਮ ਦੇ ਹਾਊਸ ਨੂੰ ਵੀ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਨਯੋਗ ਹਾਈ ਕੋਰਟ ਵੱਲੋਂ 13 ਜਨਵਰੀ 2026 ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੀਆਂ ਗ਼ੈਰ-ਕਾਨੂੰਨੀ ਇਨਕਰੋਚਮੈਂਟਾਂ ਨੂੰ ਹਟਾ ਕੇ ਅਦਾਲਤ ਨੂੰ ਸੂਚਿਤ ਕੀਤਾ ਜਾਵੇ। ਇਸ ਲਈ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਹਰ ਆਮ ਅਤੇ ਖ਼ਾਸ ਨੂੰ ਆਖ਼ਰੀ ਵਾਰ ਸੂਚਿਤ ਕੀਤਾ ਜਾਂਦਾ ਹੈ ਕਿ ਨਗਰ ਨਿਗਮ ਦੀ ਹੱਦਬੰਦੀ ਅੰਦਰ ਕੀਤੇ ਗਏ ਸਾਰੇ ਗ਼ੈਰ-ਕਾਨੂੰਨੀ ਕਬਜ਼ੇ ਸਬੰਧਤ ਕਬਜ਼ਾਧਾਰਕ ਆਪਣੇ ਪੱਧਰ ’ਤੇ ਤੁਰੰਤ ਹਟਾ ਲੈਣ। ਇਸ ਸਬੰਧੀ ਅਖ਼ਬਾਰਾਂ ਰਾਹੀਂ ਜਨਤਕ ਨੋਟਿਸ ਵੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ 19 ਜਨਵਰੀ 2026 ਤੋਂ ਸ਼ਹਿਰ ਵਿਚ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾਵੇਗੀ। ਇਸ ਕਾਰਵਾਈ ਦੌਰਾਨ ਜੇਕਰ ਕਿਸੇ ਕਬਜ਼ਾਧਾਰਕ ਦੀ ਸੰਪਤੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਮਾਲਕ ਦੀ ਹੋਵੇਗੀ। ਨਾਜਾਇਜ਼ ਕਬਜ਼ਾ ਹਟਾਉਣ ਉਪਰੰਤ ਨਗਰ ਨਿਗਮ ਵੱਲੋਂ ਸਬੰਧਤ ਮਾਲਕ ਨੂੰ ਨੋਟਿਸ ਜਾਰੀ ਕਰਕੇ ਕੀਤੇ ਗਏ ਖਰਚੇ ਦੀ ਵਸੂਲੀ ਵੀ ਕੀਤੀ ਜਾਵੇਗੀ।