ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇ ਕੇ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ।

ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਵਿਧਾਇਕ ਡਾ. ਸੁਖਵਿੰਦਰ ਕੁਮਾਰ ਤੇ ਗਨੀਵ ਕੌਰ ਮਜੀਠੀਆ, ਬਸਪਾ ਦੇ ਨਛੱਤਰਪਾਲ ਨੇ ਰਾਜਪਾਲ ਨੂੰ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਪ੍ਰੋਮੋਟ ਕਰਨ ਵਾਸਤੇ ਪੀਆਰ ਗਤੀਵਿਧੀ ਵਜੋਂ ਵਿਧਾਨ ਸਭਾ ਸੈਸ਼ਨ ਸੱਦ ਕੇ ਜਨਤਕ ਪੈਸਾ ਬਰਬਾਦ ਕਰਨ ਦੇ ਮੁੱਦੇ ’ਤੇ ਜਾਂਚ ਕਰਵਾਉਣ ਦੀ ਮੰਗ ਕੀਤੀ।

ਇਯਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਸੰਸਦੀ ਨਿਯਮਾਂ ਕਾਨੂੰਨਾਂ ਦੀ ਉਲੰਘਣਾ ਕਰ ਰਹੀ ਹੈ ਤੇ ਪੰਜਾਬੀਆਂ ਵੱਲੋਂ ਦਿੱਤੇ ਫ਼ਤਵੇ ਦੀ ਦੁਰਵਰਤੋਂ ਆਪਣੇ ਸਿਆਸੀ ਏਜੰਡੇ ਦੀ ਪੂਰਤੀ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੇ ਡੀਜੀਪੀ ਨੂੰ ਸ਼ਿਕਾਇਤ ਸੌਂਪ ਕੇ ਦਾਅਵਾ ਕੀਤਾ ਸੀ ਕਿ ਉਹਨਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਵਫ਼ਾਦਾਰੀਆਂ ਬਦਲਣ ਵਾਸਤੇ ਕਰੋਡ਼ਾਂ ਰੁਪਏ ਦੀ ਪੇਸ਼ਕਸ਼ ਕੀਤੀ ਗਈ। ਪਰ 15 ਦਿਨ ਲੰਘਣ ਦੇ ਬਾਵਜੂਦ ਹਾਲੇ ਤਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਕੋਈ ਗ੍ਰਿਫ਼ਤਾਰੀ ਹੋਈ ਹੈ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ‘ਆਪ’ ਵੱਲੋਂ ਲਾਏ ਦੋਸ਼ਾਂ ਦੀ ਸੀਬੀਆਈ ਜਾਂ ਈਡੀ ਜਾਂ ਫਿਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਨਿਆਂਇਕ ਜਾਂਚ ਕਰਵਾਉਣ।

ਉਹਨਾਂ ਅਮਨ ਕਾਨੂੰਨ ਵਿਵਸਥਾ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ, ਨਸ਼ਿਆਂ ਕਾਰਨ ਹੋਈਆਂ ਮੌਤਾਂ, 500 ਕਰੋਡ਼ ਰੁਪਏ ਦੇ ਸ਼ਰਾਬ ਘੁਟਾਲੇ ਤੇ ਗ਼ੈਰ ਕਾਨੂੰਨੀ ਮਾਈਨਿੰਗ ਕਾਰਨ ਦੇਸ਼ ਦੀ ਸੁਰੱਖਿਆ ਖ਼ਤਰੇ ਵਿਚ ਪਈ ਹੈ, ਜਿਸ ’ਤੇ ਵੀ ਚਰਚਾ ਕਰਨ ਦੀ ਜ਼ਰੂਰਤ ਹੈ।

Posted By: Sandip Kaur