-ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤਾ ਜਾ ਰਿਹਾ ਵਿਤਕਰਾ ਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ : ਪਰਵਿੰਦਰ ਸੋਹਾਣਾ

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਪਿਛਲੇ ਕਈ ਦਹਾਕਿਆਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸੌਂਪਿਆ ਗਿਆ। ਇਸ ਮੌਕੇ ਹੋਰਨਾਂ ਧਾਰਮਿਕ ਅਤੇ ਰਾਜਨੀਤਕ ਸ਼ਖਸੀਅਤਾਂ ਦੇ ਨਾਲ-ਨਾਲ ਸ਼ੋ੍ਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਦੇ ਆਗੂ ਵੀ ਸ਼ਾਮਿਲ ਹੋਏ।

ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਅੱਜ ਸਿੱਖਾਂ ਦੀ ਸਰਵਉੱਚ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮੰਗ ਪੱਤਰ ਭੇਜੇ ਜਾ ਰਹੇ ਹਨ ਜਿਨ੍ਹਾਂ 'ਚ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ।

ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੀਡੀਆ ਰਾਹੀਂ ਚੇਤਰ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪੰ੍ਤੂ ਹਾਲੇ ਤੱਕ ਉਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ।

ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਅਜ਼ਾਦੀ ਦੇ 75 ਵਰ੍ਹੇ ਬੀਤ ਜਾਣ ਬਾਅਦ ਵੀ ਬੇਗ਼ਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਸਿੱਖ ਹਨ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਉਹ ਬੰਦੀ ਸਿੱਖ ਹਨ ਜਿਨ੍ਹਾਂ ਨੇ ਸੰਨ 1984 'ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਗੁਰਧਾਮਾਂ 'ਤੇ ਕੀਤੇ ਫੌਜੀ ਹਮਲਿਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ ਸੀ।

ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਸਿੱਖ ਕੌਮ ਵਿਤਕਰੇਬਾਜ਼ੀ ਦੀ ਭਾਵਨਾ ਮਹਿਸੂਸ ਨਾ ਕਰੇ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ,ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੁਹਾਲੀ ਦੇ ਮੈਨੇਜਰ ਰਜਿੰਦਰ ਸਿੰਘ ਟੌਹਡਾ, ਹਰਮਨਪ੍ਰਰੀਤ ਸਿੰਘ ਪਿੰ੍ਸ, ਮਨਜੀਤ ਸਿੰਘ ਮੁੰਧੋ, ਹਰਵਿੰਦਰ ਸਿੰਘ ਨੰਬਰ ਦਾਰ ਆਦਿ ਵੀ ਹਾਜ਼ਰ ਸਨ।